ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

* ਪੰਜਾਬ 'ਚ ਫਿਲਮ ਸਿਟੀ ਬਣਾਉਣ ਲਈ ਵੱਡੇ ਪ੍ਰੋਡਕਸ਼ਨ ਹਾਊਸ ਨਾਲ ਕਰਨਗੇ ਮੁਲਾਕਾਤ

CM Bhagwant Mann

 

ਮੁੰਬਈ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ। ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐਸ.ਏ.ਐਸ.ਨਗਰ, ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਵੀ ਦੇਣਗੇ।

ਇਸ ਦੌਰਾਨ ਮੁੰਬਈ ਪਹੁੰਚਣ 'ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖਰਲੇ ਪੱਧਰ 'ਤੇ ਲੈ ਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਵਸਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਸਾਰ ਦਾ ਮੌਕਾ ਦੇਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਸਨਅਤਕਾਰਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ 'ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ ਕੀਤਾ ਗਿਆ