Garhshankar News: ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਕਿੰਦਰ ਸਿੰਘ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Garhshankar News: ਸਹਿ-ਮੁਲਜ਼ਮ SHO ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ

Vigilance Bureau apprehends Constable accepting Rs 30000 bribe

ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ  ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ  ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ  ਸ਼ਿਕਾਇਤ ਕੀਤੀ  ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ।  ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।


ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।