ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ ਮੰਤਰੀ
ਮੁੱਖ ਮੰਤਰੀ ਨੇ ਸਰਕਾਰ ਦੀਆਂ ਮਹੱਤਵਪੂਰਨ ਸਕੀਮਾਂ ਮਗਨਰੇਗਾ, ਆਟਾ ਦਾਲ ਸਕੀਮ, ਵਿਧਵਾ ਤੇ ਬੁਢਾਪਾ ਪੈਨਸ਼ਨ, ਅਸ਼ੀਰਵਾਦ ਸਕੀਮ (ਸ਼ਗਨ ਸਕੀਮ) ਦਾ ਰੀਵਿਊ ਕਰਨ ਦੇ ਆਦੇਸ਼ ਜਾਰੀ
ਚੰਡੀਗੜ੍ਹ, 18 ਅਗੱਸਤ (ਜੈ ਸਿੰਘ ਛਿੱਬਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀਆਂ ਪੰਜ ਮਹੱਤਵਪੂਰਨ ਲੋਕ ਭਲਾਈ ਸਕੀਮਾਂ ਦਾ ਫ਼ਾਇਦਾ ਲਾਭਪਾਤਰੀਆਂ ਨੂੰ ਪਹੁੰਚਾਉਣ ਦੇ ਮਕਸਦ ਵਜੋਂ ਸਾਰੇ (9) ਮੰਤਰੀਆਂ ਦੀਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ, ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਸਕੀਮਾਂ ਦੀ ਮਾਨਿਟਰਿੰਗ ਤੇ ਸਮੀਖਿਆ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਸਰਕਾਰ ਦੀਆਂ ਮਹੱਤਵਪੂਰਨ ਸਕੀਮਾਂ ਮਗਨਰੇਗਾ, ਆਟਾ ਦਾਲ ਸਕੀਮ, ਵਿਧਵਾ ਤੇ ਬੁਢਾਪਾ ਪੈਨਸ਼ਨ, ਅਸ਼ੀਰਵਾਦ ਸਕੀਮ (ਸ਼ਗਨ ਸਕੀਮ) ਦਾ ਰੀਵਿਊ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਬੰਧਤ ਮੰਤਰੀ ਹੋਰ ਮਹੱਤਵਪੂਰਨ ਸਕੀਮ ਨੂੰ ਤਰਜੀਹ ਦੇ ਸਕਦਾ ਹੈ। ਦਸਿਆ ਜਾਂਦਾ ਹੈ ਕਿ ਸਰਕਾਰ ਦੀਆਂ ਉਕਤ ਮਹੱਤਵਪੂਰਨ ਸਕੀਮਾਂ ਸਹੀ ਢੰਗ ਨਾਲ ਲਾਗੂ ਨਾ ਹੋਣ ਕਰ ਕੇ ਸ਼ਿਕਾਇਤਾਂ ਮਿਲ ਰਹੀਆਂ ਹਨ। ਸੱਤਾ ਦੇ ਗਲਿਆਰਿਆਂ 'ਚ ਇਹ ਵੀ ਚਰਚਾ ਆਮ ਹੈ ਕਿ ਆਟਾ ਦਾਲ, ਬੁਢਾਪਾ ਤੇ ਵਿਧਵਾ ਪੈਨਸ਼ਨ ਤੇ ਅਸ਼ੀਰਵਵਾਦ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਬਜਾਏ ਪਿਛਲੀ ਸਰਕਾਰ ਵਲੋਂ ਚਹੇਤਿਆਂ ਨੂੰ ਲਾਭ ਦਿਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਆਟਾ ਦਾਲ ਸਕੀਮ ਅਤੇ ਪੈਨਸ਼ਨ ਦਾ ਰੀਵਿਊ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਸਨ। ਮੁੱਖ ਮੰਤਰੀ ਵਲੋਂ ਜਾਰੀ ਆਦੇਸ਼ ਅਨੁਸਾਰ ਸਿਹਤ ਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੂੰ ਲੁਧਿਆਣਾ, ਮੋਗਾ ਤੇ ਫ਼ਿਰੋਜ਼ਪੁਰ, ਸਥਾਨਕ ਸਰਕਾਰਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਤੇ ਤਰਨਤਾਰਨ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਤੇ ਮਾਨਸਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਮੋਹਾਲੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਗੁਰਦਾਸਪੁਰ ਤੇ ਪਠਾਨਕੋਟ, ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਪੂਰਥਲਾ ਤੇ ਜਲੰਧਰ, ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ਰੀਦਕੋਟ, ਫ਼ਾਜ਼ਿਲਕਾ ਤੇ ਮੁਕਤਸਰ, ਸਿਖਿਆ ਰਾਜ ਮੰਤਰੀ ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ, ਰੋਪੜ ਤੇ ਸ਼ਹੀਦ ਭਗਤ ਸਿੰਘ ਨਗਰ ਅਤੇ ਲੋਕ ਨਿਰਮਾਣ ਮੰਤਰੀ ਰਜ਼ੀਆ ਸੁਲਤਾਨਾ ਨੂੰ ਸੰਗਰੂਰ ਤੇ ਬਰਨਾਲਾ ਜ਼ਿਲ੍ਹਾ ਅਲਾਟ ਕੀਤਾ ਗਿਆ ਹੈ।