ਪੰਜਾਬ ‘ਚ ਕੋਰੋਨਾ ਦੀ ਦਹਿਸ਼ਤ- 21 ਮਾਮਲੇ ਆਏ ਸਾਹਮਣੇ
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।
ਚੰਡੀਗੜ੍ਹ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 21 ਹੋ ਗਈ ਹੈ। ਦੱਸ ਦਈਏ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਸ਼ਹਿਰ) ਜ਼ਿਲ੍ਹੇ ਵਿਚ ਹੀ ਕੋਰੋਨਾ ਵਾਇਰਸ ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਅੱਜ ਇਹਨਾਂ ਸੱਤ ਮਰੀਜਾਂ ਦੇ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਪਾਏ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਪੀੜਤ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਉਸ 70 ਸਾਲਾ ਵਿਅਕਤੀ ਦੇ ਸੰਪਰਕ ਵਿਚ ਰਹੇ ਸਨ, ਜਿਸ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਕਾਰਨ ਹੀ ਮੌਤ ਹੋ ਗਈ ਸੀ। ਨਵਾਂਸ਼ਹਿਰ ਦੇ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਇਨ੍ਹਾਂ 7 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ।
ਦੱਸ ਦਈਏ ਕਿ ਬੀਤੇ ਦਿਨੀਂ ਨਵਾਂਸ਼ਹਿਰ ਜ਼ਿਲ੍ਹੇ ਦੇ ਨੇੜਲੇ ਪਿੰਡ ਪਠਲਾਵਾ ਦੇ 70 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਵਾਂਸ਼ਹਿਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਇਨ੍ਹਾਂ ਸਾਰੇ ਛੇ ਮੈਂਬਰਾਂ ਨੂੰ ਸ਼ੁੱਕਰਵਾਰ ਦੇਰ ਰਾਤੀਂ ਆਮ ਲੋਕਾਂ ਤੋਂ ਵੱਖ ਕਰ ਦਿੱਤਾ ਗਿਆ ਸੀ। ਇਸ ਵੇਲੇ ਉਹ ਡਾਕਟਰਾਂ ਦੀ ਨਿਗਰਾਨੀ ਅਧੀਨ ਹਨ। ਇਸ ਦੇ ਨਾਲ ਹੀ ਪਠਲਾਵਾ ਦੇ ਇਸ ਪਰਿਵਾਰ ਦੇ ਸੰਪਰਕ ’ਚ ਰਿਹਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੇੜਲੇ ਪਿੰਡ ਮੋਰਾਂਵਾਲੀ ਦਾ 68 ਸਾਲਾ ਵਿਅਕਤੀ ਵੀ ਕੱਲ੍ਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਛੇ ਪਿੰਡ ਮੋਰਾਂਵਾਲੀ, ਐਮਾਂ ਜੱਟਾਂ, ਬਿੰਜੋਨ, ਸੂਨੀ, ਨੂਰਪੁਰ ਜੱਟਾਂ ਅਤੇ ਪੋਸੀ ਵਿਚ ਬਾਹਰੋਂ ਆ ਰਹੇ ਲੋਕਾਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ।
ਉੱਥੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਹਸਪਤਾਲ ਦੇ ਸਪੈਸ਼ਲ ਆਈਸੋਲੇਟਡ ਵਾਰਡ ਦੇ ਬਾਹਰ ਵੀ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਚੰਡੀਗੜ੍ਹ ਲਾਕ-ਡਾਊਨ ਕਰ ਦਿੱਤਾ ਗਿਆ ਹੈ।