CM ਕੇਜਰੀਵਾਲ ਤੇ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਦੀ ਮੁਲਾਕਾਤ ਨੇ ਛੇੜੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਫੇਰੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ

Arvind Kejriwal meeting with BJP leader Laxmi Kanta Chawla

ਚੰਡੀਗੜ੍ਹ: ਸਾਲ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦਾ ਸਿਆਸੀ ਪਾਰਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਮਹਾਂ ਸੰਮੇਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ। ਇਸ ਮੌਕੇ ਉਹਨਾਂ ਨੇ ਅੰਮ੍ਰਿਤਸਰ ਵਿਖੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨਾਲ ਮੁਲਾਕਾਤ ਕੀਤੀ।

ਕੇਜਰੀਵਾਲ ਅਤੇ ਲਕਸ਼ਮੀ ਕਾਂਤਾ ਚਾਵਲਾ ਦੀ ਮੁਲਾਕਾਤ ਨੇ ਹਰ ਪਾਸੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੀਟਿੰਗ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੀ ਹੈ। ਇਸ ਮੁਲਾਕਾਤ ਮੌਕੇ ਤਲਵੰਡੀ ਸਾਬੋ ਤੋਂ ਆਪ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੀ ਸ਼ਾਮਲ ਸਨ।

ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦੇ ਸਮਰਥਨ ਵਿਚ ਚੁੱਕੀ ਸੀ ਆਵਾਜ਼

ਦੱਸ ਦਈਏ ਕਿ ਅਕਾਲੀ-ਭਾਜਪਾ ਸਰਕਾਰ ਵਿਚ ਮੰਤਰੀ ਰਹਿ ਚੁੱਕੀ ਲਕਸ਼ਮੀ ਕਾਂਤਾ ਚਾਵਲਾ ਨੇ ਭਾਜਪਾ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਵਾਜ਼ ਚੁੱਕੀ ਸੀ। ਉਹਨਾਂ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਵੀ ਬਿਆਨ ਦਿੱਤੇ ਸਨ। ਇਸ ਦੌਰਾਨ ਸੀਨੀਅਰ ਭਾਜਪਾ ਆਗੂ ਨੇ ਕਿਸਾਨਾਂ ਨੂੰ ‘ਖਾਲਿਸਤਾਨੀ’ ਕਹਿਣ ਵਾਲੇ ਲੋਕਾਂ ਅਤੇ ਸਿਆਸਤਦਾਨਾਂ ਨੂੰ ਮੁਆਫੀ ਮੰਗਣ ਲਈ ਵੀ ਕਿਹਾ ਸੀ।

ਜ਼ਿਕਰਯੋਗ ਹੈ ਕਿ ਕੇਂਦਰ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਜਾਰੀ ਕਿਸਾਨੀ ਸੰਘਰਸ਼ ਦੇ ਚਲਦਿਆਂ ਭਾਜਪਾ ਦਾ ਵੱਡੇ ਪੱਧਰ ’ਤੇ ਵਿਰੋਧ ਹੋ ਰਿਹਾ ਹੈ। ਇਸ ਦੇ ਚਲਦਿਆਂ ਕਈ ਭਾਜਪਾ ਆਗੂਆਂ ਵੱਲੋਂ ਅਸਤੀਫੇ ਦਿੱਤੇ ਜਾ ਚੁੱਕੇ ਹਨ। ਅਜਿਹੇ ਮਾਹੌਲ ਵਿਚ ਲਕਸ਼ਮੀ ਕਾਂਤਾ ਚਾਵਲਾ ਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ।