DM ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ 'ਤੇ FIR ਦਰਜ
ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਤੇ PA 'ਤੇ ਵੀ ਮਾਮਲਾ ਦਰਜ
ਪੰਜਾਬ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਕੱਤਰ (ਪੀਏ) ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਤਿੰਨਾਂ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 108 ਤਹਿਤ ਖੁਦਕੁਸ਼ੀ ਲਈ ਉਕਸਾਉਣ, 351(3) ਅਪਰਾਧਿਕ ਧਮਕੀ ਦੇਣ ਅਤੇ 3(5) ਅਪਰਾਧ ਲਈ ਉਕਸਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਪੁਲਿਸ ਨੇ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਅੱਧੀ ਰਾਤ ਨੂੰ ਮਾਮਲਾ ਦਰਜ ਕੀਤਾ। ਦੱਸ ਦੇਈਏ ਕਿ ਗਗਨਦੀਪ ਰੰਧਾਵਾ ਨੇ ਬੀਤੇ ਦਿਨ ਸਵੇਰੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ, 'ਆਪ' ਸਰਕਾਰ ਨੇ ਭੁੱਲਰ ਦਾ ਅਸਤੀਫਾ ਲਿਆ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਵਿੱਚ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਹਨ।
ਇਸ ਸਬੰਧ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਸਾਂਝੇ ਤੌਰ 'ਤੇ ਘਿਰਾਓ ਕਰਨਗੇ। ਮ੍ਰਿਤਕ ਅਧਿਕਾਰੀ ਦਾ ਪਰਿਵਾਰ ਵੀ ਉਨ੍ਹਾਂ ਨਾਲ ਸ਼ਾਮਲ ਹੋਵੇਗਾ। ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ 'ਆਪ' ਆਗੂਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਪਰਿਵਾਰ ਨੂੰ ਮਿਲਣ ਜਾਂ ਘਰ ਜਾਣ ਦੀ ਕੋਸ਼ਿਸ਼ ਨਾ ਕਰਨ, ਕਿਉਂਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਜ਼ਿੰਮੇਵਾਰ ਨਹੀਂ ਹੋਣਗੇ।