ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਮਾਣੂ ਹਥਿਆਰਾਂ ਬਾਰੇ ਮੋਦੀ ਦੇ ਬਿਆਨ ਦੀ ਤਿੱਖੀ ਆਲੋਚਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ - ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਨੂੰ ਤਬਾਹੀ ਵਲ ਧੱਕਿਆ

Captain Amarinder Singh

ਜਲੰਧਰ : ਪ੍ਰਮਾਣੂ ਹਥਿਆਰਾਂ ਬਾਰੇ ਮੋਦੀ ਦੇ ਬਿਆਨ ਨੂੰ ਪੂਰੀ ਤਰ੍ਹਾਂ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਭਵਿੱਖ ਦੀ ਰਾਖੀ ਲਈ ਕਾਂਗਰਸ ਪਾਰਟੀ ਦੀ 'ਜੰਗ' ਵਿਚ ਉਸ ਦਾ ਸਮਰਥਨ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਨੂੰ ਤਬਾਹੀ ਵਲ ਧੱਕਿਆ ਹੈ।

ਸੂਬੇ ਵਿਚ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜਲੰਧਰ ਤੋਂ ਪ੍ਰਕ੍ਰਿਆ ਸ਼ੁਰੂ ਕਰਨ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਮਾਣੂ ਜੰਗ ਸਬੰਧੀ ਪ੍ਰਧਾਨ ਮੰਤਰੀ ਦੀ ਧਮਕੀ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਹੈ ਜੋ ਮੁੜ ਜਿੱਤ ਹਾਸਲ ਕਰਨ ਦੀ ਮਨਸ਼ਾ ਨਾਲ ਦਿਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੌਜੂਦ ਸਨ।

ਮੁੱਖ ਮੰਤਰੀ ਨਾਲ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਦੇ ਸੀਨੀਅਰ ਨੇਤਾਵਾਂ ਵਿੱਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਜੀਤ ਸਿੰਘ, ਅਵਤਾਰ ਹੈਨਰੀ, ਸੁਸ਼ੀਲ ਕੁਮਾਰ ਰਿੰਕੂ, ਪਰਗਟ ਸਿੰਘ, ਰਾਜਿੰਦਰ ਬੇਰੀ, ਹਰਦੇਵ ਲਾਡੀ ਅਤੇ ਚੌਧਰੀ ਸੁਰਿੰਦਰ ਸਿੰਘ ਵੀ ਹਾਜ਼ਰ ਸਨ।