ਸ੍ਰੀ ਹਜ਼ੂਰ ਸਾਹਿਬ ਅਟਕੇ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਦਾ ਰਾਹ ਸਾਫ਼
ਸ੍ਰੀ ਹਜ਼ੂਰ ਸਾਹਿਬ ਅਟਕੇ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਦਾ ਰਾਹ ਸਾਫ਼
ਕੇਂਦਰੀ ਗ੍ਰਹਿ ਮੰਤਰਾਲੇ ਅਤੇ ਮਹਾਰਾਸ਼ਟਰ ਸਰਕਾਰ ਤੋਂ ਮਿਲੀ ਪ੍ਰਵਾਨਗੀ
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਊਧਵ ਠਾਕਰੇ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਸੀ ਗੱਲਬਾਤ
ਚੰਡੀਗੜ੍ਹ, 22 ਅਪ੍ਰੈਲ (ਗੁਰਉਪਦੇਸ਼ ਭੁੱਲਰ): ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਤਾਲਾਬੰਦੀ ਤੋਂ ਬਾਅਦ ਉਥੇ ਹੀ ਅਟਕੇ ਪੰਜਾਬ ਦੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦ ਵਲੋਂ ਕੇਂਦਰ ਅਤੇ ਮਹਾਰਾਸ਼ਟਰ ਸਰਕਾਰ ਕੋਲ ਪਹੁੰਚ ਕੀਤੀ ਜਾ ਰਹੀ ਸੀ।
Capt. Amrinder Singh
ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸ਼ਰਧਾਲੂਆਂ ਦੀ ਵਾਪਸੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਹਰੀ ਝੰਡੀ ਮਿਲਣ ਬਾਅਦ ਮਹਾਰਾਸ਼ਟਰ ਸਰਕਾਰ ਨੇ ਪ੍ਰਵਾਨਗੀ ਦੇ ਦਿਤੀ ਹੈ। ਇਸ ਬਾਰੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਬਾਅਦ 'ਚ ਟਵੀਟ ਰਾਹੀਂ ਦਸਿਆ ਕਿ ਸਿੱਖ ਸ਼ਰਧਾਲੂਆਂ ਦੀ ਵਾਪਸੀ ਦੀ ਕੇਂਦਰ ਅਤੇ ਮਹਾਰਾਸ਼ਟਰ ਸਰਕਾਰ ਨੇ ਸਾਡੀ ਬੇਨਤੀ ਮੰਨ ਕੇ ਪ੍ਰਵਾਨਗੀ ਦੇ ਦਿਤੀ ਹੈ। ਕੈਪਟਨ ਨੇ ਰਾਜ ਦੇ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਯਾਤਰੂਆਂ ਦੀ ਵਾਪਸੀ ਲਈ ਤੁਰਤ ਪ੍ਰਬੰਧ ਕੀਤਾ ਜਾਵੇ ਅਤੇ ਇਸ ਦਾ ਖ਼ਰਚਾ ਪੰਜਾਬ ਸਰਕਾਰ ਹੀ ਚੁੱਕੇਗੀ।
Udhav Thakery
ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਜਾਣਕਾਰੀ ਦਿਤੀ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਅੱਜ ਉਠਾਇਆ ਸੀ, ਜਿਨ੍ਹਾਂ ਨੇ ਸ਼ਰਧਾਨੁਆਂ ਦੀ ਵਾਪਸੀ ਦੀ ਪ੍ਰਵਾਨਗੀ ਦੇ ਦਿਤੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਨ੍ਹਾਂ ਸ਼ਰਧਾਲੂਆਂ ਦੀ ਵਾਪਸੀ ਲਈ ਬੱਸਾਂ ਨੂੰ ਉਥੇ ਭੇਜਣ ਦੀ ਮਨਜ਼ੂਰੀ ਦਿਤੀ ਜਾਵੇ ਜੋ ਉਨ੍ਹਾਂ ਨੇ ਭੇਜਣੀਆਂ ਹਨ।