ਕੁਲਤਾਰ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ
ਵਿਰੋਧੀ ਧਿਰ ਦੇ ਨੇਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।
LoP calls on Punjab Vidhan Sabha Speaker
ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਹਨਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਹਨਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿਚ ਜਨਤਾ ਨਾਲ ਸਬੰਧਤ ਮੁੱਦਿਆਂ 'ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿਚ ਸਮਰਥਨ ਦੇਵੇਗੀ।
Kultar singh sandhwan
ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।