ਹੁਣ ਮੁਹਾਲੀ ਵਿਚ ਇਨ੍ਹਾਂ ਜਗ੍ਹਾ 'ਤੇ ਨਹੀਂ ਲੱਗ ਸਕਣਗੇ ਧਰਨੇ/ਰੈਲੀਆਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ 

ਏਜੰਸੀ

ਖ਼ਬਰਾਂ, ਪੰਜਾਬ

ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਲਗਾਈਆਂ ਪਾਬੰਦੀਆਂ 

No more dharnas / rallies at these places in Mohali

19 ਜੂਨ 2022 ਤੱਕ ਲਾਗੂ ਰਹਿਣਗੇ ਇਹ ਹੁਕਮ 
ਮੁਹਾਲੀ :
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਧਰਨੇ ਅਤੇ ਰੈਲੀਆਂ ਕਰਨ 'ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫ਼ੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹਨਾ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਇਹ ਹੁਕਮ 19 ਜੂਨ 2022 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਤੱਕ ਲਾਗੂ ਰਹਿਣਗੇ।

ਜ਼ਿਕਰਯੋਗ ਹੈ ਕਿ ਸੀਨੀਅਰ ਪੁਲਿਸ ਕਪਤਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।