ਗੁਰਦਵਾਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਕਰਵਾਇਆ ਗਿਆ ਸ਼ਹੀਦੀ ਸਮਾਗਮ

ਸ਼ਹੀਦੀ ਸਮਾਗਮ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਨਮਾਨਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ। (ਬਹੋੜੂ)

ਅੰਮ੍ਰਿਤਸਰ 22 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦਵਾਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਸ਼ਹੀਦਾਂ ਤਰਨਾ ਦਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਵਿਖੇ ਹਰ ਸਾਲ ਸਮਾਗਮ ਕਰਵਾਉਣ ਦੇ ਫ਼ੈਸਲੇ ਨੂੰ ਸ਼ਲਾਘਾਯੋਗ ਕਿਹਾ।

ਸ਼ਹੀਦੀ ਸਮਾਗਮ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਨਮਾਨਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ। (ਬਹੋੜੂ)


ਉਨ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 22 ਮਈ 1964 ਨੂੰ ਮਹੰਤਾਂ ਪਾਸੋਂ ਗੁਰਦਵਾਰਾ ਸ੍ਰੀ ਪਾਉਂਟਾ ਸਾਹਿਬ ਨੂੰ ਅਜ਼ਾਦ ਕਰਵਾ ਕੇ ਇਸ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਸੌਂਪਣ ਦਾ ਫ਼ੈਸਲਾ ਵੀ ਅਪਣੇ ਆਪ ਵਿਚ ਅਹਿਮ ਹੈ। ਇਸ ਨਾਲ ਕੌਮੀ ਇਕਜੁੱਟਤਾ ਅਤੇ ਇਕਸਾਰਤਾ ਵਿਚ ਹੋਰ ਵਾਧਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਨਮਾਨਤ ਕੀਤਾ।


ਇਸ ਤੋਂ ਇਲਾਵਾ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਵੀ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿਤੇ ਗਏ। ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਬਾਬਾ ਨੌਰੰਗ ਸਿੰਘ, ਮੈਨੇਜਰ ਮੁਖਤਾਰ ਸਿੰਘ, ਬਘੇਲ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਬਾਬਾ ਸਵਰਣਜੀਤ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।