Punjab News: ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿਚ ਹੋਏ ਸ਼ਾਮਲ
ਜਾਖੜ ਦੀ ਹਾਜ਼ਰੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ
Punjab News:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵਲੋਂ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਮਗਰੋਂ ਅੱਜ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਅਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ।
ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਸੀ ਅਤੇ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ। ਜਾਖੜ ਨੇ ਗਰਚਾ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ 1996 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਜੂਦਗੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਕੇ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ 1999 ਵਿਚ ਬਾਦਲ ਟੌਹੜਾ ਦੇ ਵਿਵਾਦ ਸਮੇਂ ਸਰਬ ਹਿੰਦ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਬਣਾਇਆ ਗਿਆ ਅਤੇ ਉਨ੍ਹਾਂ ਵਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਹਮਾਇਤ ਕੀਤੀ ਗਈ ਅਤੇ ਬਾਅਦ ਵਿਚ ਬਾਦਲ ਟੌਹੜਾ ਵਿਚ ਸਮਝੌਤਾ ਹੋਣ ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ, ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਵੱਖ-ਵੱਖ ਔਹੁਦਿਆਂ ’ਤੇ ਇਸ ਸਮੇਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵਜੋਂ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਸਨ।