ਪਾਣੀ ਨਿਕਾਸੀ ਲਈ ਕਾਂਗੜ ਵਲੋਂ 41 ਲੱਖ ਦੀ ਗ੍ਰਾਂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਛੱਪੜਾਂ ਅਤੇ ਗੰਦੇ ਪਾਣੀ ਦੇ ਨਿਕਾਸ ਦੀ ਗੰਭੀਰ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਵਿਸ਼ੇਸ ਧਿਆਨ ਦੇ ...

Gurpreet Singh Kangar

ਬਠਿੰਡਾ,  'ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਛੱਪੜਾਂ ਅਤੇ ਗੰਦੇ ਪਾਣੀ ਦੇ ਨਿਕਾਸ ਦੀ ਗੰਭੀਰ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਵਿਸ਼ੇਸ ਧਿਆਨ ਦੇ ਰਹੀ ਹੈ ਅਤੇ ਇਸ ਮਕਸਦ ਲਈ ਸਰਕਾਰ ਵੱਲੋਂ ਪਿੰਡਾਂ ਨੂੰ ਵਿਸ਼ੇਸ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਰੈੱਸਟ ਹਾਊਸ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਹਲਕਾ ਰਾਮਪੁਰਾ ਫੂਲ ਦੇ 6 ਪਿੰਡਾਂ ਨੂੰ ਗੰਦੇ ਪਾਣੀ ਦੇ ਨਿਕਾਸ ਲਈ 41 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਜਲਦ ਹੀ ਹਲਕਾ ਰਾਮਪੁਰਾ ਫੂਲ ਦੇ ਬਾਕੀ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਵੀ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਸ. ਕਾਂਗੜ ਨੇ ਗੰਦੇ ਪਾਣੀ ਦੇ ਨਿਕਾਸ ਲਈ ਪਿੰਡ ਸਿਰੀਏਵਾਲਾ ਨੂੰ 12 ਲੱਖ, ਭੋਡੀਪੁਰਾ ਨੂੰ 6 ਲੱਖ 50 ਹਜਾਰ, ਮਲੂਕਾ ਖੁਰਦ ਨੂੰ 2 ਲੱਖ 70 ਹਜਾਰ, ਬੁਰਜ਼ ਰਾਜਗੜ੍ਹ ਨੂੰ 8 ਲੱਖ, ਜਲਾਲ ਨੂੰ 6 ਲੱਖ 50 ਹਜਾਰ ਅਤੇ ਹਾਕਮ ਸਿੰਘ ਵਾਲਾ ਨੂੰ 2 ਲੱਖ 30 ਹਜਾਰ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ।

ਇਸ ਤੋਂ ਇਲਾਵਾ ਉਨਾਂ ਪਿੰਡ ਗੁੰਮਟੀ ਕਲਾਂ, ਭੋਡੀਪੁਰਾ, ਜਲਾਲ, ਕਾਂਗੜ, ਸਿਰੀਰੇਵਾਲਾ ਅਤੇ ਦਿਆਲਪੁਰਾ ਨੂੰ ਸਾਂਝੇ ਪ੍ਰੋਗਰਾਮਾਂ ਲਈ ਪਾਣੀ ਵਾਲੀਆਂ ਟੈਂਕੀਆਂ ਦਿੱਤੀਆਂ। ਇਸ ਤੋਂ ਪਹਿਲਾਂ ਸ. ਕਾਂਗੜ ਨੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪਹੰਚੇ ਲੋਕਾਂ ਦੀ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ।