ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਸਰਵੇਖਣ ਕਰਨਗੇ ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ।

Captain Amarinder Singh to conduct aerial survey of the flood-affected areas

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿਚ ਪਾੜ ਪੈਣ ਕਰ ਕੇ ਇਨਾਂ ਦੋ ਜ਼ਿਲਿਆਂ ਵਿੱਚ ਹੜ ਦੀ ਸਥਿਤੀ ਪੈਦਾ ਹੋਈ ਹੈ। ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ। 

ਇਕ ਸਰਕਾਰੀ ਬੁਲਾਰੇ ਅਨੁਸਾਰ ਸਭ ਤੋਂ ਪਹਿਲਾਂ ਮੁੱਖ ਮੰਤਰੀ ਮੂਣਕ ਤਹਿਸੀਲ ਦੇ ਹੜ ਪ੍ਰਭਾਵਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਉਹ ਸੰਗਰੂਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ। ਉਨਾਂ ਦੇ ਨਾਲ ਮਾਲ ਅਤੇ ਮੁੜ ਵਸੇਬਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਵੀ ਜਾਵੇਗੀ। 

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲ੍ਹੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲਾਡ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨੁਕਸਾਨ ਦਾ ਅਨੁਮਾਨ ਲਾਇਆ। ਇਸ ਦੇ ਨਾਲ ਹੀ ਉਨਾਂ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਬਾਅਦ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜਭੈਣੀ, ਸੁਰਜਨਭੈਣੀ ਅਤੇ ਸਲੇਮਗੜ ਪ੍ਰਭਾਵਿਤ ਹੋਏ ਹਨ ਅਤੇ ਖੇਤੀਬਾੜੀ ਜ਼ਮੀਨ ਵਿਚ ਪਾਣੀ ਭਰ ਗਿਆ ਹੈ। ਸੁਰਜਨਭੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਤ ਹੋਇਆ ਹੈ। ਜ਼ਿਲ੍ਹਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁਕਵੀਂ ਤਿਆਰੀ ਕੀਤੀ ਹੈ। 

ਐਫ.ਸੀ.ਆਰ. ਨੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਉਹ ਵੀ ਪਾੜ ਵਾਲੀ ਥਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ/ਪੁਲਿਸ, ਫ਼ੌਜ ਦੇ ਅਧਿਕਾਰੀਆਂ ਦੇ ਨਾਲ-ਨਾਲ ਪਿੰਡਾਂ ਦੇ ਵਸ਼ਿੰਦਿਆਂ ਅਤੇ ਕਾਰਜਾਂ ਵਿਚ ਸਵੈ-ਇੱਛਾ ਦੇ ਨਾਲ ਜੁਟੇ ਲੋਕਾਂ ਨੂੰ ਮਿਲੇ ਹਨ ਅਤੇ ਉਨਾਂ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਹੈ। ਦੋਵਾਂ ਥਾਵਾਂ 'ਤੇ ਸਥਾਨਕ ਲੋਕਾਂ ਨੇ ਬਿਨਾਂ ਕਿਸੇ ਮੁਆਵਜ਼ੇ ਤੋਂ ਕੰਢਿਆਂ ਦੇ ਕੋਲ 20 ਫੁੱਟ ਜ਼ਮੀਨ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ।