ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਬਣਾ ਕੇ ਲਾਭ ਲੈਣ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਕਰਾਂਗੇ: ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਟੀਫ਼ੀਕੇਟ ਵੈਰੀਫ਼ਾਈ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵਿਰੁਧ ਵੀ ਹੋਵੇਗੀ ਕਾਰਵਾਈ

Sadhu Singh Dharmsot

ਖੰਨਾ, 21 ਜੁਲਾਈ (ਆਦਰਸ਼ਜੀਤ ਸਿੰਘ ਖੰਨਾ) : ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਬਣਾ ਕੇ ਵੱਖ-ਵੱਖ ਲਾਭ ਲੈਣ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਰਟੀਫ਼ੀਕੇਟ ਬਣਾਉਣ ਤੇ ਵੈਰੀਫਾਈ ਕਰਨ ਵਾਲੇ ਕਰਮਚਾਰੀ/ਅਧਿਕਾਰੀ ਵਿਰੁਧ ਵੀ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 

ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਭਾਗ ਨੂੰ ਪ੍ਰਾਪਤ ਕਈ ਸ਼ਿਕਾਇਤਾਂ ਅਨੁਸਾਰ ਕਈ ਗ਼ੈਰ ਅਨੁਸੂਚਿਤ ਜਾਤੀ ਲੋਕਾਂ ਵਲੋਂ ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਬਣਾ ਕੇ ਵੱਖ-ਵੱਖ ਵਿਦਿਅਕ ਸੰਸਥਾਵਾਂ ’ਚ ਦਾਖ਼ਲੇ ਲਏ ਹੋਏ ਹਨ ਅਤੇ ਨੌਕਰੀਆਂ ਵੀ ਹਾਸਲ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ ਅਤੇ ਸਾਹਮਣੇ ਆਉਣ ਵਾਲੇ ਦੋਸ਼ੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਸ. ਧਰਮਸੋਤ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਕਈ ਲਾਭ ਦਿਤੇ ਹਨ, ਤਾਂ ਜੋ ਉਨ੍ਹਾਂ ਨੂੰ ਆਰਥਕ ਤੇ ਸਮਾਜਕ ਤੌਰ ’ਤੇ ਬਰਾਬਰਤਾ ਦਿਤੀ ਜਾ ਸਕੇ। ਇਸੇ ਮਕਸਦ ਲਈ ਉਨ੍ਹਾਂ ਨੂੰ ਪੜ੍ਹਾਈ ਅਤੇ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ਼ੈਰ ਅਨੁਸੂਚਿਤ ਜਾਤੀ ਲੋਕਾਂ ਵਲੋਂ ਗ਼ੈਰ ਕਾਨੂੰਨੀ ਢੰਗ ਨਾਲ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਬਣਾਉਣੇ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਸਰਟੀਫ਼ੀਕੇਟ ਦਾ ਲਾਭ ਸਿਰਫ਼ ਹੱਕਦਾਰ ਵਿਅਕਤੀ ਹੀ ਲੈ ਸਕਦਾ ਹੈ।

ਸ. ਧਰਮਸੋਤ ਨੇ ਕਿਹਾ ਕਿ ਵਿਭਾਗ ਨੂੰ ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟਾਂ ਸਬੰਧੀ ਜੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ਦੀ ਪੜਤਾਲ ਲਈ ਅਧਿਕਾਰੀਆਂ ਦੀ ਡਿਊਟੀ ਲਗਾ ਦਿਤੀ ਗਈ ਹੈ ਅਤੇ ਜਲਦੀ ਹੀ ਪੜਤਾਲ ਉਪਰੰਤ ਇਨ੍ਹਾਂ ਨੂੰ ਰੱਦ ਕਰਕੇ ਹੋਏ ਦੋਸ਼ੀ ਵਿਅਕਤੀਆਂ ਵਿਰੁਧ ਐਫ਼.ਆਈ.ਆਰ ਦਰਜ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਕਿ ਕਿਹੜੇ-ਕਿਹੜੇ ਵਿਅਕਤੀਆਂ ਨੇ ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਜਾਰੀ ਕਰਵਾਏ ਹਨ, ਲਈ ਵੀ ਅਧਿਕਾਰੀਆਂ ਦੀ ਡਿਊਟੀ ਪੜਤਾਲ ਕਰਨ ਲਈ ਲਗਾਈ ਗਈ ਹੈ।

ਸ. ਧਰਮਸੋਤ ਨੇ ਅਪੀਲ ਕੀਤੀ ਕਿ ਜਿਹੜੇ ਗ਼ੈਰ ਅਨੁੂਸੂਚਿਤ ਜਾਤੀ ਵਿਅਕਤੀਆਂ ਨੇ ਗ਼ਲਤ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਬਣਵਾਏ ਹਨ, ਉਹ ਸਵੈ-ਇੱਛਕ ਤੌਰ ’ਤੇ ਅਪਣੇ ਅਨੁਸੂਚਿਤ ਜਾਤੀ ਸਰਟੀਫ਼ੀਕੇਟ ਜਾਰੀ ਕਰਨ ਵਾਲੀ ਅਥਾਰਟੀ ਕੋਲ ਜਮ੍ਹਾਂ ਕਰਵਾ ਦੇਣ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਦੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਲਿਖਤੀ ਤੌਰ ’ਤੇ ਸੂਚਿਤ ਕਰ ਦੇਣ।