ਮਿਸ਼ਨ ਫ਼ਤਿਹ ਤਹਿਤ ਪਲਾਜ਼ਮਾ ਬੈਂਕ ਸਥਾਪਤ ਕਰ ਕੇ ਮੈਡੀਕਲ ਸਾਇੰਸ ਦੇ ਇਤਿਹਾਸ ’ਚ ਪੰਜਾਬ ਸਰਕਾਰ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਲਾਜ਼ਮਾ ਬੈਂਕ ਦੀ ਸਥਾਪਤੀ ਨਾਲ ਦਿੱਲੀ ਤੋਂ ਬਾਅਦ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ ਜਾਵੇਗਾ।

Punjab's First Plasma Bank

ਪਟਿਆਲਾ, 21 ਜੁਲਾਈ (ਤੇਜਿੰਦਰ ਫ਼ਤਿਹਪੁਰ) : ਪੰਜਾਬ ਸਰਕਾਰ ਨੇ ਕੋਵਿਡ-19 ਵਿਰੁਧ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਇਕ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ ਕੀਤਾ ਹੈ। ਪਲਾਜ਼ਮਾ ਬੈਂਕ ਦੀ ਸਥਾਪਤੀ ਨਾਲ ਦਿੱਲੀ ਤੋਂ ਬਾਅਦ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ ਜਾਵੇਗਾ।

ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਪੰਜਾਬ ਦੇ ਇਸ ਪਲੇਠੇ ਪਲਾਜ਼ਮਾ ਬੈਂਕ ਨੂੰ ਆਨ ਲਾਇਨ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੀ ਮੌਜੂਦ ਸਨ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੈਡੀਕਲ ਸਿੱਖਿਆ ਤੇ ਖੋਜ਼ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐਸ. ਸਿਬੀਆ, ਪਲਾਜ਼ਮਾ ਬੈਂਕ ਦੇ ਨੋਡਲ ਅਫ਼ਸਰ ਡਾ. ਰਜਨੀ ਬਸੀ ਵੀ ਮੌਜੂਦ ਸਨ।

ਵੀਡੀਉ ਕਾਨਫ਼ਰੰਸਿੰਗ ਰਾਹੀਂ ਸ੍ਰੀਮਤੀ ਪਰਨੀਤ ਕੌਰ ਨੇ ਕੋਵਿਡ-19 ਦੀ ਜੰਗ ਜਿੱਤ ਚੁੱਕੇ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਵੀ ਇਹ ਜੰਗ ਜਿੱਤਣ ’ਚ ਮਦਦ ਕਰਨ ਲਈ ਅਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕੋਰੋਨਾ ਦੇ ਗੰਭੀਰ ਮਰੀਜ਼ਾਂ ਦੇ ਸਫ਼ਲਤਾਪੂਰਵਕ ਇਲਾਜ ਦੀ ਦਿਸ਼ਾ ’ਚ ਪੰਜਾਬ ਸਰਕਾਰ ਵਲੋਂ ਚੁੱਕਿਆ ਇਹ ਇਕ ਇਤਿਹਾਸਕ ਕਦਮ ਹੈ ਜੋ ਕੋਰੋਨਾ ਦੇ ਗੰਭੀਰ ਮਰੀਜ਼ਾਂ ਲਈ ਆਸ ਦੀ ਇਕ ਨਵੀਂ ਕਿਰਨ ਸਾਬਤ ਹੋਵੇਗਾ।