ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਧਰਮਸੋਤ

ਏਜੰਸੀ

ਖ਼ਬਰਾਂ, ਪੰਜਾਬ

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਧਰਮਸੋਤ

image

ਚੰਡੀਗੜ੍ਹ, 21 ਜੁਲਾਈ (ਸੱਤੀ) : ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵਲੋਂ ਚਲਾਈ ਜਾ ਰਹੀ ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਦੀ ਕਰਜਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ | ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੁਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ |
ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦਸਿਆ ਕਿ ਸੂਬਾ ਸਰਕਾਰ ਨੇ ਲੋਕ ਦੀ ਸਹੂਲਤ ਨੂੰ  ਮੁੱਖ ਰਖਦਿਆਂ ਕਰਜਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤਕ ਦੇ ਕਰਜੇ ਮਨਜ਼ੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ 'ਤੇ ਨਿਗਮ ਦੇ ਜ਼ਿਲ੍ਹਾ ਮੈਨੇਜਰਾਂ ਨੂੰ  ਦਿਤੇ ਗਏ ਹਨ | ਇਸੇ ਤਰ੍ਹਾਂ ਜ਼ਿਲ੍ਹਾ ਪਧਰੀ ਸਕਰੀਨਿੰਗ ਕਮੇਟੀ 'ਚ ਸੋਧ ਕਰ ਕੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਤ ਕੀਤੀ ਗਈ ਹੈ ਤਾਕਿ ਲੋੜਵੰਦਾਂ ਨੂੰ  ਕਰਜਾ ਛੇਤੀ ਮੁਹਈਆ ਕਰਵਾਇਆ ਜਾ ਸਕੇ |
ਸ. ਧਰਮਸੋਤ ਨੇ ਦਸਿਆ ਕਿ ਐਸ.ਸੀ. ਨਿਗਮ ਦਾ ਮੁੱਖ ਉਦੇਸ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਨੂੰ  ਘੱਟ ਵਿਆਜ ਦਰ 'ਤੇ ਸਵੈ-ਰੁਜ਼ਗਾਰ ਧੰਦੇ ਜਿਵੇਂ ਡੇਅਰੀ ਫ਼ਾਰਮ, ਕਰਿਆਨਾ ਦੁਕਾਨ, ਕਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿਦਿਆ ਕਰਜੇ ਲਈ ਘੱਟ ਵਿਆਜ ਦਰ 'ਤੇ ਕਰਜਾ ਮੁਹਈਆ ਕਰਵਾਉਣਾ ਹੈ, ਤਾਕਿ ਇਨ੍ਹਾਂ ਦੇ ਆਰਥਕ ਪੱਧਰ ਨੂੰ  ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ  ਗ਼ਰੀਬੀ ਰੇਖਾ ਤੋਂ ਬਾਹਰ ਕਢਿਆ ਜਾ ਸਕੇ |
ਸਮਾਜਕ ਨਿਆਂ ਮੰਤਰੀ ਨੇ ਦਸਿਆ ਕਿ ਐਸ.ਸੀ. ਕਾਰਪੋਰੇਸ਼ਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ  2293.73 ਲੱਖ ਦੀ ਵਿੱਤੀ ਸਹਾਇਤਾ ਦਿਤੀ ਹੈ | ਉਨ੍ਹਾਂ ਦਸਿਆ ਕਿ ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸ਼ਨ ਵਲੋਂ 1400 ਕਰਜਦਾਰਾਂ ਨੂੰ  40 ਕਰੋੜ ਦੇ ਵੰਡਣ ਦਾ ਟੀਚਾ ਮਿਥਿਆ ਗਿਆ ਸੀ, ਇਸ ਤਹਿਤ ਹੁਣ ਤਕ 562 ਲਾਭਪਾਤਰੀਆਂ ਨੂੰ  624.81 ਲੱਖ ਦੇ ਕਰਜੇ-ਸਬਸਿਡੀ ਵੰਡੇ ਜਾ ਚੁੱਕੇ ਹਨ |
ਸ. ਧਰਮਸੋਤ ਨੇ ਅੱਗੇ ਦਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਅਪਣੇ ਲਗਭਗ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 8590 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ  8066.23 ਲੱਖ ਦੇ ਕਰਜੇ ਮੁਹਈਆ ਕਰਵਾਏ ਹਨ | ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਨੇ 14260 ਕਰਜਦਾਰਾਂ ਦੇ 4540.80 ਲੱਖ ਰੁਪਏ ਦੇ ਕਰਜੇ ਮੁਆਫ਼ ਕਰ ਕੇ ਕਰਜਦਾਰਾਂ ਨੂੰ  ਵੱਡੀ ਰਾਹਤ ਦਿਤੀ ਹੈ |