ਮਾਨ ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨੇ ਉੱਜਵਲ ਭਾਰਤ-ਉਜਵਲ ਭਵਿਸ਼ਿਆ ਹਫ਼ਤੇ ਦੇ ਜਸ਼ਨਾਂ ਲਈ 23 ਜ਼ਿਲ੍ਹਿਆਂ ਵਿੱਚ 46 ਸਥਾਨਾਂ ਅਤੇ ਗ੍ਰੈਂਡ ਫਿਨਾਲੇ ਲਈ 5 ਸਥਾਨਾਂ ਦੀ ਕੀਤੀ ਚੋਣ

Preparations are complete for a week-long celebration of achievements of the power sector

 

ਚੰਡੀਗੜ੍ਹ: ਖਪਤਕਾਰਾਂ ਨੂੰ 24 ਘੰਟੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਨ ਅਤੇ ਕੌਮੀ ਪੱਧਰ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਦੇ ਉਦੇਸ਼ ਨੂੰ ਹਾਸਲ ਕਰਨ ਦੇ ਯਤਨਾਂ ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਵਿਸ਼ੇਸ਼ ਕਾਰਜ ਯੋਜਨਾ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ 25 ਤੋਂ 30 ਜੁਲਾਈ ਤੱਕ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ।

Ujjwal Bharat Ujjwal Bhavishya

ਕੇਂਦਰੀ ਬਿਜਲੀ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਕੱਲ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 46 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 30 ਜੁਲਾਈ ਨੂੰ ਗ੍ਰੈਂਡ ਫਿਨਾਲੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਸਬੰਧੀ ਸੰਗਰੂਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਪਛਾਣੇ ਗਏ 5 ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।

Harbhajan Singh ETO

ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਲਈ ਖਾਸ ਤੌਰ 'ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਸੁਪਨਿਆਂ ਅਤੇ ਯੋਜਨਾਵਾਂ ‘ਤੇ ਚਾਨਣਾ ਵੀ ਪਾਇਆ। ਉਨ੍ਹਾਂ ਨੇ ਪੰਜਾਬ ਦੀ ਬਿਜਲੀ ਦਰਾਮਦ ਸਮਰੱਥਾ ਨੂੰ 8500 ਮੈਗਾਵਾਟ ਤੱਕ ਵਧਾਉਣ ਅਤੇ ਸੂਬੇ ਵਿੱਚ 14,000 ਮੈਗਾਵਾਟ ਤੋਂ ਵੱਧ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦਾ ਰਿਕਾਰਡ ਕਾਇਮ ਕਰਨ ਲਈ ਪੰਜਾਬ ਨੂੰ ਦਿੱਤੀ ਗਈ ਸਹਾਇਤਾ ਲਈ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਪਛਵਾੜਾ ਕੋਲਾ ਖਾਣ ਸਬੰਧੀ ਕੁਝ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਦਖਲ ਦੇਣ ਦੀ ਵੀ ਬੇਨਤੀ ਕੀਤੀ।

ਕੇਂਦਰੀ ਬਿਜਲੀ ਮੰਤਰੀ ਨੇ ਪੰਜਾਬ ਵੱਲੋਂ ਬਿਜਲੀ ਖੇਤਰ ਵਿੱਚ ਹਾਲ ਹੀ ਵਿੱਚ ਕੀਤੀ ਗਈ ਪ੍ਰਗਤੀ ਖਾਸ ਕਰਕੇ ਬਿਜਲੀ ਸਮਰੱਥਾ ਵਧਾਉਣ ਅਤੇ ਮੌਜੂਦਾ ਝੋਨੇ/ਗਰਮੀ ਦੇ ਸੀਜ਼ਨ ਦੌਰਾਨ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ, ਪਛਵਾੜਾ ਕੋਲਾ ਖਾਣ ਅਤੇ ਬਿਜਲੀ ਖੇਤਰ ਨਾਲ ਸਬੰਧਤ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।