19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਿਤ, ਹੁਣ ਤੱਕ 40 ਲੋਕਾਂ ਦੀ ਮੌਤ, 15 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

27221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

1457 villages of 19 districts still affected by flood, so far 40 people dead, 15 injured

 

ਚੰਡੀਗੜ੍ਹ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ  ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ  ਰਾਜ ਸਰਕਾਰ ਨੇ ਆਪਣੀ ਸਾਰੀ ਸਕਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ  ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27221 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਸਵੇਰੇ 8 ਵਜੇ ਤੱਕ 1457 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4909 ਲੋਕ ਰਹਿ ਰਹੇ ਹਨ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ ਕੋਈ ਵੀ ਲਾਪਤਾ ਨਹੀਂ ਹੈ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2252 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4016 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 463 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓਪੀਡੀ ਦੀ ਕੁੱਲ ਗਿਣਤੀ 6900 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।