Moga News : ਕਾਰ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਵਿਗੜਿਆ ਕਾਰ ਦਾ ਸੰਤੁਲਨ , 2 ਨੌਜਵਾਨਾਂ ਦੀ ਮੌਤ ਅਤੇ ਤੀਜਾ ਜ਼ਖਮੀ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਵਰਿੰਦਰ ਦਾਸ ਦਾ ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

Varinder Dass andSukhivander Singh death

Moga News : ਮੋਗਾ ਦੇ ਬਰਨਾਲਾ ਰੋਡ ਪਿੰਡ ਡਾਲਾ ਨੇੜੇ ਕਾਰ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਫੁੱਟਪਾਥ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਵਰਿੰਦਰ ਦਾਸ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। 

ਇਸ ਸਬੰਧੀ ਥਾਣਾ ਮਹਿਣਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਾਲਾ ਨੇੜੇ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ।

ਮੋਗਾ ਤੋਂ ਪਿੰਡ ਸਿਹਨਾ ਨੂੰ ਜਾ ਰਹੇ ਸਨ ਕਾਰ ਸਵਾਰ 

ਉਨ੍ਹਾਂ ਨੇ ਦੱਸਿਆ ਕਿ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ, ਜੋ ਕਿ ਮੋਗਾ ਤੋਂ ਪਿੰਡ ਸਿਹਨਾ ਨੂੰ ਜਾ ਰਹੇ ਸਨ। ਰਸਤੇ 'ਚ ਪਿੰਡ ਡੱਲੇਵਾਲਾ ਨੇੜੇ ਅਚਾਨਕ ਇਕ ਆਵਾਰਾ ਪਸ਼ੂ ਕਾਰ ਦੇ ਸਾਹਮਣੇ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ 'ਚ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਫੁੱਟਪਾਥ ਨਾਲ ਜਾ ਟਕਰਾਈ। 

ਇਸ ਹਾਦਸੇ 'ਚ ਕਾਰ 'ਚ ਸਵਾਰ 26 ਸਾਲਾ ਵਰਿੰਦਰ ਦਾਸ ਅਤੇ 26 ਸਾਲਾ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।