ਪੰਕਜ ਬਾਂਸਲ ਦੀ ਜ਼ਮਾਨਤ ਹੋਣ ਦੇ ਬਾਵਜੂਦ ਨਹੀਂ ਹੋਵੇਗੀ ਰਿਹਾਈ

ਏਜੰਸੀ

ਖ਼ਬਰਾਂ, ਪੰਜਾਬ

ਪੰਕਜ ਬਾਂਸਲ ਦੀ ਜ਼ਮਾਨਤ ਹੋਣ ਦੇ ਬਾਵਜੂਦ ਨਹੀਂ ਹੋਵੇਗੀ ਰਿਹਾਈ

image

ਆਰਗੇਨਾਈਜ਼ਡ ਕਰਾਈਮ ਨੇ ਪੰਕਜ ਨੂੰ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਫਿਰ ਕੀਤਾ ਗ੍ਰਿਫ਼ਤਾਰ

ਕੋਟਕਪੂਰਾ, 22 ਅਗੱਸਤ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਬੱਤੀਆਂ ਵਾਲਾ ਚੌਕ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਇਨਸਾਫ਼ ਦੀ ਮੰਗ ਕਰਦਿਆਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਵਾਲੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ 'ਬਹਿਬਲ ਕਲਾਂ ਗੋਲੀਕਾਂਡ' ਵਿਚ ਕਰੀਬ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮਿਲੀ ਜ਼ਮਾਨਤ ਦੇ ਬਾਵਜੂਦ ਵੀ ਰਿਹਾਅ ਨਹੀਂ ਹੋ ਸਕੇਗਾ, ਕਿਉਂਕਿ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਨੇ ਪੰਕਜ ਨੂੰ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਦੁਬਾਰਾ ਫਿਰ ਜੇਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਕਜ ਬਾਂਸਲ ਨੂੰ ਡਿਊਟੀ ਮੈਜਿਸਟ੍ਰੇਟ ਮੈਡਮ ਅਮਨਦੀਪ ਕੌਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕਰਾਈਮ ਕੰਟਰੋਲ ਯੂਨਿਟ ਨੇ ਪੰਕਜ ਬਾਂਸਲ ਨੂੰ ਅਦਾਲਤ ਦੀ ਮਨਜ਼ੂਰੀ ਨਾਲ ਹੁਸ਼ਿਆਰਪੁਰ ਦੀ ਜੇਲ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਸਾਲ 2014 'ਚ ਸਾਜ਼ਿਸ਼ ਤਹਿਤ ਵਿਦੇਸ਼ੀ ਹਥਿਆਰ ਖ਼ਰੀਦਣ ਅਤੇ ਗੈਂਗਸਟਰਾਂ ਨੂੰ ਮੁਹਈਆ ਕਰਵਾਉਣ ਦੇ ਦੋਸ਼ ਹੇਠ ਪੰਕਜ ਬਾਂਸਲ, ਭੁਪਿੰਦਰ ਸਿੰਘ, ਰੋਹਿਤ ਕੁਮਾਰ, ਸਤੀਸ਼ ਕੁਮਾਰ ਅਤੇ ਅਮਿਤ ਗੋਇਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਬਾਅਦ 'ਚ ਇਨ੍ਹਾਂ ਸਾਰਿਆਂ ਨੂੰ ਕਲੀਨ ਚਿੱਟ ਦੇ ਦਿਤੀ ਸੀ।