ਵਿਜੀਲੈਂਸ ਨੇ ਜਸਪਾਲ ਸੰਧੂ ਦੇ ਵੀਸੀ ਬਣਨ ਤੋਂ ਬਾਅਦ ਕਬਜ਼ੇ 'ਚ ਲਿਆ ਨਿਯੁਕਤੀਆਂ ਅਤੇ ਬਦਲੀਆਂ ਦਾ ਰਿਕਾਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੀਸੀ ਜਸਪਾਲ ਸਿੰਘ ਸੰਧੂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

photo

 

ਮੁਹਾਲੀ: ਬੀਤੇ ਦਿਨੀਂ ਗੁਰੂ ਨਾਨਕ ਦੇਵ ਟੀਚਰ ਐਸੋਸੀਏਸ਼ਨ ਵੱਲੋਂ ਯੂਨੀਵਰਸਿਟੀ ਦੇ ਵੀਸੀ ਡਾ.ਜਸਪਾਲ ਸਿੰਘ ਸੰਧੂ, ਰਜਿਸਟਰਾਰ ਕਰਨਜੀਤ ਸਿੰਘ ਕਾਹਲੋਂ ਅਤੇ ਡੀਨ ਸਰਬਜੀਤ ਸਿੰਘ ਬਹਿਲ ਦੇ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ ਤੋਂ ਬਾਅਦ ਪੰਜਾਬ ਵਿਜੀਲੈਂਸ ਦੀ ਟੀਮ ਨੇ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਇਸ ਸ਼ਿਕਾਇਤ ਵਿਚ ਟੀਚਰ ਐਸੋਸੀਏਸ਼ਨ ਵੱਲੋਂ ਵੀਸੀ ਡੀਨ ਅਤੇ ਰਜਿਸਟਰਾਰ 'ਤੇ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਅਧਿਕਾਰੀਆਂ ਵੱਲੋਂ ਵੱਡੀ ਪੱਧਰ ਤੇ ਯੂਨੀਵਰਸਿਟੀ ਦੇ ਵਿੱਚ ਘਪਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਟੀਚਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਵੀ ਲਿਖੀ ਗਈ ਸੀ।

ਇਸ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਜਸਪਾਲ ਸਿੰਘ ਸੰਧੂ ਦੇ ਯੂਨੀਵਰਸਿਟੀ ਦੇ ਵੀਸੀ ਬਣਨ ਤੋਂ ਬਾਅਦ ਜਿੰਨੀਆਂ ਵੀ ਨਿਯੁਕਤੀਆਂ ਤੇ ਬਦਲੀਆਂ ਹੋਈਆਂ ਸਨ ਉਨ੍ਹਾਂ ਸਬੰਧ ਵਿਚ ਸਾਰਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਆਉਣ ਵਾਲੇ ਸਮੇਂ ਵਿਚ ਵੱਡੇ ਖੁਲਾਸੇ ਹੋਣ ਦੀ ਆਸ ਜਤਾਈ ਜਾ ਰਹੀ ਹੈ ਪਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਜਸਪਾਲ ਸਿੰਘ ਸੰਧੂ ਵੱਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਿਆ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਟੀਚਰ ਐਸੋਸੀਏਸ਼ਨ ਵੱਲੋਂ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਅਤੇ ਬੇਬੁਨਿਆਦ ਹਨ ਕਿਉਂਕਿ ਉਹ ਇਸ ਟੀਚਰ ਐਸੋਸੀਏਸ਼ਨ ਨੂੰ ਨਹੀਂ ਮੰਨਦੇ । ਉਨ੍ਹਾਂ ਕਿਹਾ ਕਿ ਪਿਛਲੇ ਚਾਰ ਪੰਜ ਸਾਲ ਤੋਂ ਟੀਚਰ ਐਸੋਸੀਏਸ਼ਨ ਦੇ ਇਲੈਕਸ਼ਨ ਹੀ ਨਹੀਂ ਹੋਏ ਕੁਝ ਹੀ ਬੰਦੇ ਜਿਹੜੇ ਹਰ ਵਾਰ ਆਪਣੇ ਆਪ ਹੀ ਅਹੁਦਿਆਂ ਤੇ ਤਾਇਨਾਤ ਹੋ ਜਾਂਦੇ ਹਨ।