ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਬਣਾਇਆ ਪ੍ਰਿੰਸੀਪਲ
ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ
Higher Education Department promotes 27 professors to the rank of Principal: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ ਹੁਣ ਪ੍ਰਮੋਸ਼ਨਲ ਕੋਟੇ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ। ਹਾਲ ਹੀ ਵਿੱਚ ਹੋਈ ਡੀ.ਪੀ.ਸੀ. ਦੌਰਾਨ ਕੁੱਲ 27 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 13 ਫੈਕਲਟੀ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਗਈ ਹੈ, ਜਦੋਂਕਿ ਬਾਕੀ 14 ਨੂੰ ਦਸੰਬਰ 2025 ਤੱਕ ਸੀਟਾਂ ਦੀ ਉਪਲਬਧਤਾ ਅਨੁਸਾਰ ਤਰੱਕੀ ਦਿੱਤੀ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਆਸਾਮੀਆਂ ਵੀ ਜਲਦੀ ਭਰੀਆਂ ਜਾਣਗੀਆਂ।
ਪ੍ਰੋਫੈਸਰਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿੱਚ ਪ੍ਰਾਪਤ ਹੋਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।
ਸ. ਹਰਜੋਤ ਸਿੰਘ ਬੈਂਸ ਨੇ ਭਰੋਸਾ ਜਤਾਇਆ ਕਿ ਇਹ ਤਰੱਕੀਆਂ ਵਿਭਾਗ ਵਿੱਚ ਸਾਕਾਰਾਤਮਕ ਬਦਲਾਅ ਅਤੇ ਉੱਤਮਤਾ ਲਿਆਉਣਗੀਆਂ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪਦਉੱਨਤ ਹੋਏ ਸਾਰੇ ਪ੍ਰੋਫੈਸਰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਅਗਵਾਈ ਕਰਨਗੇ ਅਤੇ ਰਾਜ ਦੀ ਉਚੇਰੀ ਸਿੱਖਿਆ ਪ੍ਰਣਾਲੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ।
ਇਸ ਦੌਰਾਨ ਪ੍ਰਬੰਧਕੀ ਸਕੱਤਰ ਉਚੇਰੀ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਕਰਨ ਵਾਲੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖੀ ਸਫਲਤਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਤਰੱਕੀ ਪ੍ਰਾਪਤ ਫੈਕਲਟੀ ਨੂੰ 10 ਦਿਨਾਂ ਦੇ ਅੰਦਰ ਆਪਣੀਆਂ ਹਾਜ਼ਰੀ ਰਿਪੋਰਟਾਂ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਕਤ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਤਰੱਕੀ ਨੂੰ ਰੱਦ ਮੰਨਿਆ ਜਾਵੇਗਾ ਅਤੇ ਉਹ ਭਵਿੱਖ ਵਿੱਚ ਦੋ ਸਾਲਾਂ ਲਈ ਤਰੱਕੀ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਇਹ ਪ੍ਰਿੰਸੀਪਲ ਇੱਕ ਸਾਲ ਪਰਖ-ਕਾਲ ਤਹਿਤ ਸੇਵਾ ਨਿਭਾਉਣਗੇ, ਜਿਸ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।