ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

460 ਮੈਡੀਕਲ ਅਫ਼ਸਰਾਂ ਦੀ ਭਰਤੀ ਛੇਤੀ : ਤ੍ਰਿਪਤ ਬਾਜਵਾ

Punjab Government set to transform rural dispensaries : Tript Bajwa

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ  460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਭਾਗ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਸਿਆ ਕਿ ਇਸ ਕਾਰਵਾਈ ਨੂੰ ਜਲਦ ਪੂਰੀ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਸਿਆ ਕਿ 48.30 ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ ਦੀ ਖਰੀਦ ਕਰ ਕੇ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਭੇਜ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਅਗਲੇ ਤਿੰਨ ਮਹੀਨੇ ਲਈ ।2.58 ਕਰੋੜ ਦੀਆਂ ਦਵਾਈਆਂ ਖਰੀਦਣ ਲਈ ਆਰਡਰ ਦਿੱਤਾ ਜਾ ਰਿਹਾ ਹੈ।

ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਡਿਸਪੈਂਸਰੀਆਂ ਵਿਚ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਡਿਸਪੈਨਸਰੀਆਂ ਦਾ ਸਟਾਫ਼ ਸਮੇਂ ਸਿਰ ਡਿਊਟੀ ’ਤੇ ਆਪਣੀ ਹਾਜ਼ਰੀ ਯਕੀਨੀ ਬਣਾਏ ਅਤੇ ਮਰੀਜਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਨੁਹਾਰ ਬਦਲਣ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਸਿਪੈਂਸਰੀਆਂ ਵਿਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।