ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੇ ਕਾਰਜ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਜਾਰੀ ਕੀਤੀ

Sukhjinder Singh Randhawa takes stock of progress on Kartarpur Corridor project

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਰੰਧਾਵਾ ਨੇ ਦਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋਣ ਵਾਲਾ ਹੈ ਅਤੇ 31 ਅਕਤੂਬਰ ਤੱਕ ਹਰ ਹੀਲੇ ਕੰਮ ਮੁਕੰਮਲ ਹੋ ਜਾਵੇਗਾ। ਨਵਬੰਰ ਮਹੀਨੇ ਲਾਂਘੇ ਦੇ ਉਦਘਾਟਨ ਲਈ ਸੂਬਾ ਸਰਕਾਰ ਪੂਰੀ ਤਰਾਂ ਤਿਆਰ ਹੈ।

ਉਨ੍ਹਾਂ ਦਸਿਆ ਕਿ ਕਰਤਾਰਪੁਰ ਲਾਂਘੇ ਦੇ ਖੁੱਲਣ ਕਾਰਨ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਹੁਣੇ ਤੋਂ ਹੀ ਵਾਧਾ ਹੋ ਗਿਆ ਹੈ। ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਕੋਈ ਵੀ ਕਸਰ ਨਾ ਛੱਡਣ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸੰੁਦਰੀਕਰਨ ਦਾ ਪ੍ਰਾਜੈਕਟ ਵੀ ਜ਼ੋਰਾ ’ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਿਰਾਸਤੀ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ 8 ਤੋਂ 11 ਨਵੰਬਰ ਤਕ ਮਨਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਉਤਸਵ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ।

ਇਸ ਮੌਕੇ ਉਨ੍ਹਾਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਵੀ ਜਾਰੀ ਕੀਤੀ। ਉਨਾਂ ਕਿਹਾ ਕਿ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਠਹਿਰਨ, ਲੰਗਰ, ਪਾਰਕਿੰਗ ਆਦਿ ਦਾ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। 5 ਹਜ਼ਾਰ ਸੰਗਤਾਂ ਦੇ ਠਹਿਰਨ ਲਈ ਟੈਂਟ ਸਿਟੀ ਅਤੇ 30 ਹਜ਼ਾਰ ਸੰਗਤ ਦੇ ਬੈਠਣ ਦੀ ਸਮਰੱਥਾ ਵਾਲਾ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਤਸਵ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ ਸਾਹਿਤਕ, ਅਕਾਦਮਿਕ ਸਮਾਗਮ ਸੰਗਤਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ ’ਤੇ ਲਿਆਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਤੇ ਦੁਰਲੱਭ ਹੱਥ ਲਿਖਤ 16 ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ।

ਮੀਟਿੰਗ 'ਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਬਰੂਹਾ ਮਿੱਤਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਮਾਰਕਫੈਡ ਦੇ ਐਡੀਸ਼ਨਲ ਐਮ.ਡੀ. ਰਾਹੁਲ ਗੁਪਤਾ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ. ਬਾਤਿਸ਼ ਤੇ ਡੇਰਾ ਬਾਬਾ ਉਤਸਵ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।