ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦੇ ਰੁਝਾਨ ’ਚ ਹੋਰ ਤੇਜੀ ਆਉਣ ਦੀ ਸੰਭਾਵਨਾ-ਬੁਲਾਰਾ

Vijay Inder Singla

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.)  ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਰੁਝਾਨ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ।

ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸ੍ਰੀ ਸਿੰਗਲਾ ਵੱਲੋਂ ਸਕੂਲੀ ਸਿੱਖਿਆ ਵਿੱਚ ਕੀਤੀਆਂ ਗਈਆਂ ਨਵੀਂਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਚਾਲੂ ਵਿਦਿਅਕ ਸੈਸ਼ਨ 2020-21 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਾਖਲਿਆਂ ਵਿੱਚ 15 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਈ.ਬੀ.ਸੀ. ਦੀ ਇਸ ਨਵੀਂ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਪ੍ਰਤੀ ਹੋਰ ਅਕ੍ਰਸ਼ਨ ਵਧਣ ਦੀ ਪ੍ਰਬਲ ਸੰਭਾਵਨਾ ਹੈ।

ਬੁਲਾਰੇ ਦੇ ਅਨੁਸਾਰ ਆਪਣੇ ਬੱਚਿਆਂ ਲਈ ਸਕੂਲ ਦੀ ਚੋਣ ਕਰਨ ਸਮੇਂ ਮਾਪਿਆਂ ਲਈ ਅੰਗਰੇਜ਼ੀ ਹਮੇਸ਼ਾਂ ਇੱਕ ਪਹਿਲ ਹੁੰਦੀ ਹੈ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਕਰਕੇ ਅੰਗਰੇਜ਼ੀ ਦੀ ਪੜਾਈ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਰੁਚੀ ਪੈਦਾ ਹੋਈ ਹੈ।

ਬੁਲਾਰੇ ਅਨੁਸਾਰ ਈ.ਬੀ.ਸੀ. ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਗਲਿਸ਼ ਸੰਚਾਰ ਹੁਨਰਾਂ ਨੂੰ ਬਿਹਤਰ ਬਣਾਉਣ ਹੈ। ਸਰਕਾਰੀ ਸਕੂਲਾਂ ਵਿੱਚ ਸੂਬੇ ਦੇ ਸਰੋਤ ਸਮੂਹਾਂ ਦੁਆਰਾ ਗਾਈਡਡ ਵੀਡੀਓ, ਰਿਕਾਰਡ ਕੀਤੀਆਂ ਟੇਪਾਂ, ਵਾਕਾਂ ਅਤੇ ਵਾਕਾਂਸਾਂ ਨੂੰ ਸਾਂਝਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਦਿੱਤੀ ਗਈ ਸਮੱਗਰੀ ਨੂੰ ਆਪਣੀ ਸ਼ੈਲੀ ਅਤੇ ਆਵਾਜ਼ ਵਿੱਚ ਦੁਬਾਰਾ ਪੇਸ਼ ਕਰਨਗੇ।

ਇਸ ਪ੍ਰੋਜੈਕਟ ਨੂੰ 12 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ ਤਕਰੀਬਨ ਸੱਤ ਹਜ਼ਾਰ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬਾਂ ਬਣ ਚੁੱਕੀਆਂ ਹਨ। ਪਹਿਲੇ ਪੜਾਅ ਵਿਚ ਹਰ ਸੈਕਸ਼ਨ ਜਾਂ ਕਲਾਸ ਵਿੱਚੋਂ ਤਿੰਨ ਵਿਦਿਆਰਥੀ ਲੈ ਕੇ ਉਨਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਕੇ ਉਨਾਂ ਵਿੱਚ ਅੰਗਰੇਜ਼ੀ ਬਾਰੇ ਉਤਸੁਕਤਾ ਪੈਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਕਲੱਬ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਇੰਗਲਿਸ਼ ਬੂਸਟਰ ਕਲੱਬ ਦਾ ਫਾਇਦਾ ਉਠਾ ਸਕਣਗੇ।

ਬੁਲਾਰੇ ਅਨੁਸਾਰ ਇਸ ਦੇ ਨਾਲ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ ਵਧੇਗੀ ਅਤੇ ਉਨਾਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਸਾਰੇ ਪੱਖਾਂ ਤੋਂ ਗਿਆਨ ਵਧੇਗਾ। ਇਸ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੰਗਰੇਜ਼ੀ ਮਾਧੀਅਮ ਵਾਲੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਖੜ ਸਕਣਗੇ।