ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

ਏਜੰਸੀ

ਖ਼ਬਰਾਂ, ਪੰਜਾਬ

ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Diwali gift given to the employees of Social Security Department

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। 

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ 'ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।