ਮੰਡੀਆਂ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਭਾਜਪਾ ਦੀ ਖਤਰਨਾਕ ਯੋਜਨਾ- ਕੁਲਤਾਰ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਭਾਜਪਾ

BJP dangerous plan to harass farmers in markets - Kultar Sandhwa

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਜਪਾ ਸਰਕਾਰ ਦੇ ਮਾੜੇ ਸ਼ਾਸਨ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਿਸ਼ਵਾਸਘਾਤ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਸਿਆਸੀ ਚਾਲਾਂ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਬਹਾਦਰੀ ਨਾਲ ਵਿਰੋਧ ਕਰਨ ਵਾਲੇ ਮਿਹਨਤੀ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਉਦੇਸ਼ ਖੇਤੀਬਾੜੀ 'ਤੇ ਕਾਰਪੋਰੇਟ ਨਿਯੰਤਰਣ ਦੀ ਇਜਾਜ਼ਤ ਦੇਣਾ ਸੀ, ਜਿਸ ਨਾਲ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਸੀ। ਵਿਆਪਕ ਵਿਰੋਧ ਪ੍ਰਦਰਸ਼ਨਾਂ ਦੇ ਬਾਅਦ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ ਅਤੇ ਹੁਣ ਭਾਜਪਾ ਇਨ੍ਹਾਂ ਬੇਇਨਸਾਫੀ ਵਾਲੇ ਕਾਨੂੰਨਾਂ ਵਿਰੁੱਧ ਖੜ੍ਹੇ ਲੋਕਾਂ ਤੋਂ ਬਦਲਾ ਲੈਣ ਲਈ ਕੋਝੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ।

ਪੰਜਾਬ ਦੇ ਕਿਸਾਨ ਮਜ਼ਦੂਰਾਂ ਅਤੇ ਵਪਾਰੀਆਂ ਨਾਲ ਮਿਲ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਇਕਜੁੱਟ ਹੋ ਗਏ ਸਨ। ਉਨ੍ਹਾਂ ਕਿਹਾ ਭਾਜਪਾ ਦੀ ਗੰਦੀ ਰਾਜਨੀਤੀ ਇੱਥੇ ਸਫਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਸਟੋਰੇਜ ਸਪੇਸ ਦੀ ਘਾਟ ਦਾ ਦਾਅਵਾ ਕਰਦੇ ਹੋਏ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਇਹ ਕੋਈ ਨਵੀਂ ਚਾਲ ਨਹੀਂ ਹੈ;  ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।

ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਟਰਾਂਸਪੋਰਟਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।  “ਅਸੀਂ ਉਨ੍ਹਾਂ ਦਾ ਸਮਰਥਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।  ਅਰਵਿੰਦ ਕੇਜਰੀਵਾਲ ਸਾਡੇ ਕਿਸਾਨਾਂ ਲਈ ਨਿਆਂ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਲਈ ਸਮਰਪਿਤ ਹਨ।

 ਉਨ੍ਹਾਂ ਸਮੂਹ ਪੰਜਾਬੀਆਂ ਨੂੰ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਵਿਰੁੱਧ ਇਕਜੁੱਟ ਰਹਿਣ ਲਈ ਕਿਹਾ ਅਤੇ ਕਿਸਾਨ ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ 'ਆਪ' ਦੀ ਵਚਨਬੱਧਤਾ ਨੂੰ ਦੁਹਰਾਇਆ।