ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

TO KEEP TAB ON ANTI-SOCIAL ELEMENTS, PUNJAB POLICE TO REVITALISE HI-TECH NAKAS IN THE STATE

- ਏਡੀਜੀਪੀ ਅਰਪਿਤ ਸ਼ੁਕਲਾ ਨੇ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ/ਫਗਵਾੜਾ :
ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।

ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ  ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ।
ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।

 ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ  ਹੈ।