ਜੰਗਲਾਤ ਵਿਭਾਗ ਦਾ ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜ਼ਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਬੱਕਰੀਆਂ ਚਾਰਨ ਅਤੇ ਮਿਹਨਤ ਮਜ਼ਦੂਰੀ ਕਰਦਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣ ਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ਼ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸ ਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।