ਵਿਜੀਲੈਂਸ ਬਿਊਰੋ ਨੇ 1500 ਰੁਪਏ ਦੀ ਰਿਸ਼ਵਤ ਲੈਂਦੇ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸੀ ਸ਼ਿਕਾਇਤ

Vigilance Bureau catches person red-handed while accepting bribe of Rs. 1500

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿਜੀ ਵਿਅਕਤੀ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦੇ ਇੰਤਕਾਲ ਨੂੰ ਪੂਰਾ ਕਰਨ ਲਈ 2000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।