ਫ਼ਸਲਾਂ ਦੇ ਨੁਕਸਾਨ ਦੀ 100 ਫ਼ੀਸਦੀ ਭਰਪਾਈ ਕਰੇ ਸਰਕਾਰ : ਆਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ ) ਪੰਜਾਬ ਨੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ 100 ਫ਼ੀਸਦੀ ਮੁਆਵਜ਼ੇ ਦੀ ਮੰਗ...

AAP

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ ) ਪੰਜਾਬ ਨੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ 100 ਫ਼ੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ।
ਆਪ ਦੇ ਮੁੱਖ ਦਫ਼ਤਰ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਚੀਮਾ ਨੇ ਕਿਹਾ ਕਿ ਸਰਕਾਰ ਹਰੇਕ ਕਿਸਾਨ ਨੂੰ ਉਸ ਦੀ ਫ਼ਸਲ ਦਾ 100 ਫ਼ੀਸਦੀ ਮੁਆਵਜ਼ਾ ਯਕੀਨੀ ਬਣਾਵੇ ਅਤੇ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾਏ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀਬਾੜੀ ਪਹਿਲਾ ਹੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ। ਕਿਸਾਨਾਂ ਸਿਰ ਕਰਜ਼ ਦਾ ਬੋਝ ਸਾਲ ਦਰ ਸਾਲ ਵਧਦਾ ਜਾ ਰਿਹਾ ਹੈ। ਅਜਿਹੇ ਹਾਲਾਤ ‘ਚ ਇਸ ਤਰਾਂ ਦੀ ਕੁਦਰਤੀ ਆਫ਼ਤ ਨੇ ਹਜ਼ਾਰਾਂ ਕਿਸਾਨਾਂ ਅਤੇ ਖੇਤੀਬਾੜੀ ਤੇ ਨਿਰਭਰ ਮਜ਼ਦੂਰਾਂ ਦੀ ਕਮਰ ਤੋੜ ਦਿਤੀ ਹੈ। ਇਸ ਲਈ ਕੈਪਟਨ ਸਰਕਾਰ ਇਹਨਾਂ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜੇ ਅਤੇ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦੇਵੇ।

ਇਸ ਤੋਂ ਬਿਨਾਂ ਸਹਿਕਾਰੀ, ਸਰਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਨੂੰ ਸ਼ਾਰਟ ਟਰਮ (ਛਿਮਾਹੀ) ਲੋਨ ਦੀਆਂ ਕਿਸ਼ਤਾਂ ਇਕ ਛਿਮਾਹੀ ਅੱਗੇ ਪਾਉਣ ਅਤੇ ਵਿਆਜ ਦਾ ਬੋਝ ਸਰਕਾਰ ਖ਼ੁਦ ਉਠਾਵੇ। ਹਰਪਾਲ ਸਿੰਘ ਚੀਮਾ ਨੇ ਅਫ਼ਸੋਸ ਜਤਾਇਆ ਕਿ ਖੇਤੀ ਪ੍ਰਧਾਨ ਦੇਸ਼ ਅਤੇ ਸੂਬਾ ਹੋਣ ਦੇ ਬਾਵਜੂਦ ਅਜੇ ਤੱਕ ਕਿਸਾਨਾਂ ਦੀਆਂ ਫ਼ਸਲਾਂ ਦੇ ਬੀਮੇ ਲਈ ਇਕ ਵੀ ਕਿਸਾਨ ਹਿਤੈਸ਼ੀ ਫ਼ਸਲੀ ਬੀਮਾ ਯੋਜਨਾ ਲਾਗੂ ਨਹੀਂ ਕੀਤੀ ਗਈ। ਜਿੰਨੀਆਂ ਵੀ ਫ਼ਸਲੀ ਬੀਮੇ ਅਤੇ ਯੋਜਨਾਵਾਂ ਸਰਕਾਰੀ ਅਤੇ ਨਿੱਜੀ ਕੰਪਨੀਆਂ ਵਲੋਂ ਸ਼ੁਰੂ ਕੀਤੀਆਂ ਗਈਆਂ ਹਨ

ਸਭ ਨੇ ਕਿਸਾਨਾਂ ਦੇ ਹਿਤ ਬਚਾਉਣ ਦੀ ਥਾਂ ਕਿਸਾਨ ਨੂੰ ਲੁੱਟ ਕੇ ਖਾਧਾ ਹੈ। ਮੋਦੀ ਸਰਕਾਰ ਵਲੋਂ ਅੰਬਾਨੀਆਂ ਰਾਹੀਂ ਲਿਆਂਦੀ ਫ਼ਸਲੀ ਬੀਮਾ ਯੋਜਨਾ ਦਾ ਤਾਜ਼ਾ ਘੋਟਾਲਾ ਇਸ ਦੀ ਜ਼ਿੰਦਾ ਮਿਸਾਲ ਹੈ।