ਅਬੋਹਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ, ਮਾਪਿਆਂ ਨੇ ਸਹੁਰਾ ਪਰਿਵਾਰ ’ਤੇ ਲਗਾਏ ਗੰਭੀਰ ਇਲਜ਼ਾਮ

ਏਜੰਸੀ

ਖ਼ਬਰਾਂ, ਪੰਜਾਬ

ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਸੰਧਿਆ ਦੇ ਪਤੀ, ਸੱਸ ਅਤੇ ਸਹੁਰੇ ਨੇ ਦਾਜ ਲਈ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ।

photo

 

ਅਬੋਹਰ : ਪੰਜਾਬ ਦੇ ਅਬੋਹਰ 'ਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕਾ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਪਿੰਡ ਖਾਟਵਾਂ ਦੇ ਮੰਗੀ ਰਾਮ ਦੀ 22 ਸਾਲਾ ਪੁੱਤਰੀ ਸੰਧਿਆ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਢਾਣੀ ਸ਼ਫੀ ਵਾਸੀ ਸਤਪਾਲ ਨਾਲ ਹੋਇਆ ਸੀ। ਮ੍ਰਿਤਕਾ ਦੇ ਪਤੀ ਸਤਪਾਲ ਨੇ ਦੱਸਿਆ ਕਿ ਜਦੋਂ ਸਵੇਰੇ ਸਾਢੇ ਤਿੰਨ ਵਜੇ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਦੇਖਿਆ ਕਿ ਪਤਨੀ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ’ਤੇ ਉਹ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਗਏ ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਸੰਧਿਆ ਦੇ ਮਾਪਿਆਂ ਨੂੰ ਸੂਚਨਾ ਦਿੱਤੀ ਗਈ। ਇੱਥੇ ਜਾਂਚ ਦੌਰਾਨ ਸੰਧਵਾਂ ਨੇੜਿਓਂ ਇੱਕ ਸ਼ੀਸ਼ੀ ਵੀ ਮਿਲੀ ਹੈ।

ਹਸਪਤਾਲ ਪਹੁੰਚੇ ਮ੍ਰਿਤਕਾ ਦੇ ਪਿਤਾ ਮੰਗੀ ਰਾਮ ਅਤੇ ਭਰਾ ਹਰਮਨ ਨੇ ਦੱਸਿਆ ਕਿ ਵਿਆਹ ਦੇ ਬਾਅਦ ਤੋਂ ਹੀ ਉਸ ਦਾ ਪਤੀ ਉਸ ਨੂੰ ਦਾਜ ਵਿੱਚ ਮੋਟਰਸਾਈਕਲ ਦੇਣ ਦੀ ਲਗਾਤਾਰ ਮੰਗ ਕਰ ਰਿਹਾ ਸੀ। ਇਸ ਕਾਰਨ ਉਹ ਅਕਸਰ ਉਨ੍ਹਾਂ ਦੀ ਧੀ ਦੀ ਕੁੱਟਮਾਰ ਕਰਦਾ ਸੀ। ਬੀਤੀ ਰਾਤ ਵੀ ਧੀ ਨੇ ਕਰੀਬ 10 ਵਜੇ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਕਿ ਉਸ ਦੇ ਪਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।

ਜਿਸ ਤੋਂ ਬਾਅਦ ਉਨ੍ਹਾਂ ਦੀ ਗੱਲ ਨਹੀਂ ਹੋਈ ਅਤੇ ਸਵੇਰੇ 5 ਵਜੇ ਸੰਧਿਆ ਦੇ ਪਤੀ ਨੇ ਉਸ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਉਸ ਦੀ ਲੜਕੀ ਨੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ ਹੈ। ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਸੰਧਿਆ ਦੇ ਪਤੀ, ਸੱਸ ਅਤੇ ਸਹੁਰੇ ਨੇ ਦਾਜ ਲਈ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ। 

ਥਾਣਾ ਇੰਚਾਰਜ ਪਰਮਜੀਤ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਵਿਸੇਰਾ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।