ਕੈਪਟਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ : ਸੁਨੀਲ ਜਾਖੜ
ਕੈਪਟਨ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ ਹੈ ਅਤੇ ਹਰ ਸਾਲ ਬਰਸਾਤ ਦੇ ਮੌਸਮ ਵਿਚ ਹੜ੍ਹਾਂ ਨਾਲ ਪ੍ਰਭਾਵਤ ਹੁੰਦੇ ਮੰਡ ਇਲਾਕੇ ਦੀਆਂ..
ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਗੱਸਤ (ਇੰਦਰਜੀਤ ਸਿੰਘ ਚਾਹਲ): ਕੈਪਟਨ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ ਹੈ ਅਤੇ ਹਰ ਸਾਲ ਬਰਸਾਤ ਦੇ ਮੌਸਮ ਵਿਚ ਹੜ੍ਹਾਂ ਨਾਲ ਪ੍ਰਭਾਵਤ ਹੁੰਦੇ ਮੰਡ ਇਲਾਕੇ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸੁਲਤਾਨਪੁਰ ਹਲਕੇ ਦੇ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਤਿੰਨ ਵਿਧਾਇਕਾਂ ਸ. ਨਵਤੇਜ ਸਿੰਘ ਚੀਮਾ, ਸ. ਰਮਨਜੀਤ ਸਿੰਘ ਸਿੱਕੀ, ਸ. ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਸਮੇਤ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਜਾਖੜ ਨੇ ਕਿਹਾ ਕਿ ਇਸ ਇਲਾਕੇ ਦੇ ਹਾਲਾਤ, ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਉਹ ਜਲਦ ਹੀ ਮੁੱਖ ਮੰਤਰੀ ਨੂੰ ਵਿਸਥਾਰਤ ਰੀਪੋਰਟ ਸੌਂਪਣਗੇ ਤਾਂ ਜੋ ਇਥੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਇਸ ਇਲਾਕੇ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰੇ ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿਵਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਪੂਰਾ ਧਿਆਨ ਰੱਖਿਆ ਜਾਵੇਗਾ ਕਿ ਸਹੀ ਲੋਕਾਂ ਨੂੰ ਹੀ ਉਨ੍ਹਾਂ ਦਾ ਹੱਕ ਮਿਲੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਾ. ਟੀ ਹੱਕ ਦੀ ਅਗਵਾਈ ਵਾਲੀ ਕਮੇਟੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਬਿਹਤਰੀ ਲਈ ਬੇਹੱਦ ਗੰਭੀਰ ਹਨ।
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿਤੇ ਹਨ ਅਤੇ ਹੋਰਨਾਂ ਸਰਕਾਰਾਂ ਵਾਂਗ ਚੋਣਾਂ ਆਉਣ ਦੀ ਉਡੀਕ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਨੂੰ ਦੇਖਦਿਆਂ ਬਾਕੀ ਸੂਬਿਆਂ ਜਿਵੇਂ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਆਦਿ ਨੇ ਵੀ ਅਜਿਹੇ ਫ਼ੈਸਲੇ ਲਏ ਹਨ। ਕੀਟਨਾਸ਼ਕਾਂ ਦੇ ਸੈਂਪਲ ਫ਼ੇਲ੍ਹ ਹੋਣ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਗ਼ਲਤ ਬੀਜ ਅਤੇ ਨਕਲੀ ਕੀਟਨਾਸ਼ਕ ਪੁਰਾਣੀ ਸਰਕਾਰ ਦਾ ਹੀ ਫੈਲਾਇਆ ਹੋਇਆ ਕੋਹੜ ਹੈ ਜਿਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਮੌਜੂਦਾ ਸਰਕਾਰ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਕੱਸਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਪੰਜਾਬ ਦੀ ਜਨਤਾ ਨੇ ਨਕਾਰ ਦਿਤਾ ਹੈ, ਉਹ ਹੁਣ ਕੈਪਟਨ ਸਰਕਾਰ ਦੇ ਫ਼ੈਸਲਿਆਂ 'ਤੇ ਸਿਆਸਤ ਕਰ ਰਹੇ ਹਨ।
ਇਸ ਦੌਰਾਨ ਜਾਖੜ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਦਰਿਆ ਨਾਲ ਲੱਗਦੇ ਪਾਣੀ ਤੋਂ ਪ੍ਰਭਾਵਿਤ ਬਾਘੂਆਣਾ, ਸ਼ੇਰਪੁਰ ਡੋਗਰਾਂ, ਪੱਸਣ ਕਦੀਮ, ਸਾਂਗਰਾ ਅਤੇ ਹੋਰਨਾਂ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਤਾ। ਇਸ ਤੋਂ ਪਹਿਲਾਂ ਕਪੂਰਥਲਾ ਪਹੁੰਚਣ 'ਤੇ ਸਥਾਨਕ ਸਿਵਲ ਰੈਸਟ ਹਾਊਸ ਵਿਖੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਤਕੜੇ ਹੋ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜੋਗਿੰਦਰ ਸਿੰਘ ਮਾਨ, ਅਮਰਪ੍ਰੀਤ ਸਿੰਘ ਲਾਲੀ, ਹਰਜੀਤ ਸਿੰਘ ਪਰਮਾਰ, ਮਨਜੀਤ ਸਿੰਘ ਨਿੱਝਰ, ਪ੍ਰੋ. ਚਰਨ ਸਿੰਘ, ਅੰਮ੍ਰਿਤਪਾਲ ਕੌਰ ਆਦਿ ਮੌਜੂਦ ਸਨ।