ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਪੂਰੀ ਤਰ੍ਹਾਂ ਮੁਕਤ ਕਰਾਂਗੇ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖ਼ੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 'ਘਰ-ਘਰ ਨੌਕਰੀ' ਸਕੀਮ..

Captain Amarinder Singh

 


ਗੁਰਦਾਸਪੁਰ, 16 ਅਗਸਤ (ਹੇਮੰਤ ਨੰਦਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖ਼ੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 'ਘਰ-ਘਰ ਨੌਕਰੀ' ਸਕੀਮ ਦੇ ਪਹਿਲੇ ਪੜਾਅ 'ਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਬੰਧੀ ਸਰਕਾਰ ਦੇ ਫ਼ੈਸਲੇ ਦਾ ਐਲਾਨ ਕੀਤਾ। ਉਨ੍ਹਾਂ ਨੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਵਾਉਣ ਦਾ ਅਹਿਦ ਲਿਆ।
ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਅਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਸਰਕਾਰੀ ਖੇਤਰ 'ਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ 'ਚ ਲਿਆਉਣ ਵਾਸਤੇ ਸੂਬਾ ਭਰ ਵਿਚ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਇਸ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰ ਕੇ ਸ਼ਾਂਤਮਈ, ਸਿਹਤਮੰਦ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ। ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸੜਕਾਂ ਲਈ 2500 ਕਰੋੜ ਰੁਪਏ ਦੀ ਲਾਗਤ  (ਬਾਕੀ ਸਫ਼ਾ 8 'ਤੇ)
ਨਾਲ ਸਾਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਛੇਤੀ ਹੀ ਸੂਬੇ 'ਚ 22,870 ਕਿਲੋਮੀਟਰ ਅਜਿਹੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ 31 ਦਸੰਬਰ 2017 ਤੋਂ ਪਹਿਲਾਂ ਸੂਬੇ ਦੇ ਹਰ ਘਰ 'ਚ ਇਕ ਪਖ਼ਾਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸਵਾਰਨ ਤੋਂ ਇਲਾਵਾ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋੜ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ 2 ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਡਰ ਕੇ ਖ਼ੁਦਕੁਸ਼ੀ ਜਾਂ ਘਾਤਕ ਕਦਮ ਨਾ ਅਪਨਾਉਣ ਦੀ ਅਪੀਲ ਕੀਤੀ।
          ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਏ.ਡੀ.ਜੀ.ਪੀ. ਬਾਰਡਰ-ਕਮ-ਐਸ.ਟੀ.ਐਫ. ਚੀਫ਼ ਹਰਪ੍ਰੀਤ ਸਿੰਘ ਸਿੱਧੂ, ਡੀ.ਸੀ. ਅਮਿਤ ਕੁਮਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਾਜ਼ਰ ਸਨ।