ਕੈਪਟਨ ਸਰਕਾਰ ਕਣਕ ਖ਼ਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿਚ ਬੁਰੀ ਤਰਾਂ ਫੇਲ: ਕੁਲਤਾਰ ਸਿੰਘ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਪ ਆਗੂਆਂ ਨੇ ਕਿਸਾਨਾਂ ਦੀਆਂ ਸਮੱਸਿਅਵਾਂ ਸਬੰਧੀ ਹਰ ਜ਼ਿਲੇ 'ਚ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੰਗ ਪੱਤਰ, ਜਲਦੀ ਹੱਲ ਕਰਨ ਦੀ ਕੀਤੀ ਮੰਗ

Kultar Singh Sandhwan

ਚੰਡੀਗੜ - ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮਸਿਆਵਾਂ ਹੱਲ ਨਾ ਕਰਨ ਅਤੇ ਖ਼ਰੀਦ ਵਿਵਸਥਾ ਸਹੀ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਣਕ ਖ਼ਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿੱਚ ਫ਼ੇਲ ਹੋਈ ਹੈ।

ਉਨਾਂ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨਾਂ ਦੀ ਅਗਵਾਈ 'ਚ ਸੂਬੇ ਭਰ 'ਚ ਡਿਪਟੀ ਕਮਿਸ਼ਨਰਾਂ ਨੂੰ  ਮੰਗ ਪੱਤਰ ਦੇ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਆਵਾਂ ਜਲਦੀ ਤੋਂ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਆਪ ਆਗ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁੱਖ਼ਤਾ ਇੰਤਜਾਮ ਕਰਨ ਵਿਚ ਫੇਲ ਹੋਏ ਹਨ।

ਕੈਪਟਨ ਸਰਕਾਰ ਦੀ ਮੰਡੀਆਂ ਵਿੱਚ ਮਾੜੀ ਵਿਵਸਥਾ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਮੀਂਹ ਕਾਰਨ ਲੱਖਾਂ ਟੰਨ ਕਣਕ ਖ਼ਰਾਬ ਹੋ ਗਈ ਹੈ। ਉਨਾਂ ਇਲਜ਼ਾਮ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੌਸ ਨਰੇਂਦਰ ਮੋਦੀ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਨੂੰ ਪ੍ਰ੍ਰੇਸ਼ਾਨ ਕਰ ਰਹੇ ਹਨ।

ਉਨਾਂ ਨੇ ਕਿਹਾ ਕਿ ਹਰ ਸਾਲ ਖ਼ਰੀਦ ਸੀਜਨ ਦੇ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ, ਪਰ ਸਰਕਾਰ ਨੇ ਹੁਣ ਤੱਕ ਕੋਈ ਵਿਵਸਥਾ ਨਹੀਂ ਕੀਤੀ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ, ਜੋ ਬਹੁਤ ਹੀ ਗਲਤ ਅਤੇ ਚਿੰਤਾਜਨਕ ਹੈ। ਪੰਜਾਬ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਕਈ ਦਿਨਾਂ ਤੋਂ ਮੰਡੀਆਂ ਵਿਚ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਸੁੱਤੀ ਹੋਈ ਹੈ, ਜਿਸ ਕਾਰਨ ਮੰਡੀਆਂ ਵਿੱਚ ਭ੍ਰਿਸ਼ਟਾਚਾਰ ਫੈਲ ਰਿਹਾ ਤੇ ਗਰੀਬ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।

ਵਿਧਾਇਕ ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਗੰਭੀਰ ਮਾਨਸਿਕ ਤਣਾਓ ਝੱਲ ਰਹੇ ਹਨ। ਇਸ ਸਮੇਂ ਕਿਸਾਨਾਂ ਪ੍ਰਤੀ ਸਰਕਾਰ ਜਿਹੜਾ ਵਰਤਾਓ ਕਰ ਰਹੀ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਆਪ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੰਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ  ਸਬੰਧਿਤ ਅਧਿਕਾਰੀਆਂ ਨੂੰ ਕਣਕ ਦੀ ਜਲਦੀ ਖ਼ਰੀਦ ਅਤੇ ਚੁਕਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਸੰਘਰਸ਼ ਨਾ ਕਰਨਾ ਪਵੇ ਅਤੇ ਉਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਜਾਵੇ।