ਮੋਗਾ ਦੇ ਪਿੰਡ ਰੋਡੇ ਨੂੰ ਘੇਰ ਕੇ ਸਵੇਰੇ 6:45 ਵਜੇ ਅੰਮ੍ਰਿਤਪਾਲ ਨੂੰ NSA ਤਹਿਤ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੀ ਗਈ ਜਾਣਕਾਰੀ
ਮੋਗਾ : ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਆਈਜੀਪੀ ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਕਿ ਅਦਾਲਤ ਵੱਲੋਂ ਜਾਰੀ ਐੱਨਐੱਸਏ ਤਹਿਤ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਉਸ ਨੂੰ ਐਤਵਾਰ ਸਵੇਰੇ 6:45 ਵਜੇ ਪਿੰਡ ਰੋਡਾ ਤੋਂ ਫੜਿਆ ਗਿਆ। ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨੂੰ ਉਸਦੇ ਪਿੰਡ ਰੋਡਾ ਵਿੱਚ ਹੋਣ ਦੀ ਠੋਸ ਸੂਚਨਾ ਸੀ। ਇਸ ਕਾਰਨ ਪਿੰਡ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਵਿੱਚ ਲੁਕਿਆ ਹੋਇਆ ਸੀ। ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਖਿਆਲ ਰੱਖਿਆ। ਚਾਰੇ ਪਾਸਿਓਂ ਨਾਕਾਬੰਦੀ ਹੋਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਭੱਜਣ ਦਾ ਕੋਈ ਰਸਤਾ ਨਹੀਂ ਲੱਭ ਸਕਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਪਿਛਲੇ 35 ਦਿਨਾਂ ਤੋਂ ਦਬਾਅ ਬਣਾਇਆ ਹੋਇਆ ਸੀ। ਆਈਜੀਪੀ ਨੇ ਪੂਰੇ ਅਪਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ।
ਆਈਜੀਪੀ ਗਿੱਲ ਨੇ ਸਪੱਸ਼ਟ ਕੀਤਾ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਨਾ ਕਿ ਉਸ ਨੇ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਪਿਛਲੇ 35 ਦਿਨਾਂ ਤੋਂ ਚੱਲ ਰਿਹਾ ਸੀ। ਅੱਜ ਠੋਸ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।