ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਚ ਵਿਛਾਏ ਸੱਥਰ, 40 ਸਾਲਾ ਵਿਅਕਤੀ ਦੀ ਓਵਰਡੋਜ਼ ਨਾਲ ਮੌਤ
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਆਦਮਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਕਿੰਨੇ ਹੀ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਕਰਕੇ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਆਦਮਪੁਰ ਦੇ ਦਸ਼ਮੇਸ਼ ਨਗਰ ਤੋਂ ਸਾਹਮਣੇ ਆਇਆ ਹਾਂ। ਜਿਥੇ ਨਸ਼ੇ ਦੀ ਓਵਰਡੋਜ਼ ਕਰਕੇ 40 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ ਪੁੱਤਰ ਕਿਸ਼ਨ ਚੰਦ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸਦਾ ਲੜਕਾ ਪਵਨ ਕੁਮਾਰ ਪ੍ਰਾਈਵੇਟ ਨੌਕਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਸੀ।
ਤਕਰੀਬਨ 6 ਮਹੀਨੇ ਤੋਂ ਉਸ ਨੂੰ ਨਸ਼ੇ ਦੀ ਬੁਰੀ ਆਦਤ ਪੈ ਗਈ। ਪਿਛਲੇ ਦਿਨੀਂ ਪਵਨ ਕੁਮਾਰ ਦੀ ਓਵਰਡੋਜ਼ ਨਾਲ ਸਿਹਤ ਖਰਾਬ ਹੋ ਗਈ ਅਤੇ ਉਹ ਡਿੱਗ ਗਿਆ। ਉਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉੱਥੇ ਉਸਦੀ ਹਾਲਤ ਜ਼ਿਆਦਾ ਵਿਗੜਨ ਕਾਰਨ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਥੇ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।