5ਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਜੱਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ 

ਏਜੰਸੀ

ਖ਼ਬਰਾਂ, ਪੰਜਾਬ

ਜਦੋਂ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਇਸ ਸ਼ਹੀਦੀ ਦਿਹਾੜੇ ਨੂੰ ਹਰ ਵਰ੍ਹੇ 16 ਜੂਨ ਨੂੰ ਨਿਰਧਾਰਤ ਕਰ ਦਿੱਤਾ ਗਿਆ ਸੀ।

File Photo

ਅੰਮ੍ਰਿਤਸਰ - ਨਾਨਕਸ਼ਾਹੀ ਕੈਲੰਡਰ ਦੇ ਚੱਲ ਰਹੇ ਵਿਵਾਦ ਦੌਰਾਨ ਇਸ ਵਾਰ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਹੀਦੀ ਦਿਹਾੜਾ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ 23 ਮਈ ਨੂੰ ਮਨਾਇਆ ਜਾ ਰਿਹਾ ਹੈ, ਜਿਸ ਮੁਤਾਬਕ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ _ ਜੇਠ ਸੁਦੀ ਚੌਥੀ, 9 ਜੇਠ ਭਾਵ 23 ਮਈ ਨੂੰ ਨਿਰਧਾਰਤ ਹੈ ਜਦੋਂ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਇਸ ਸ਼ਹੀਦੀ ਦਿਹਾੜੇ ਨੂੰ ਹਰ ਵਰ੍ਹੇ 16 ਜੂਨ ਨੂੰ ਨਿਰਧਾਰਤ ਕਰ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਪੁਰਬ ਮਨਾਉਣ ਵਾਸਤੇ ਵੀਜ਼ੇ ਨਹੀਂ ਜਾਰੀ ਕੀਤੇ ਜਾਂਦੇ, ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਇਸ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਨਹੀਂ ਮੰਗੇ ਗਏ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਇਸ ਦਿਹਾੜੇ ਲਈ ਵੀਜ਼ੇ ਨਾ ਦਿੱਤੇ ਜਾਣ ਕਾਰਨ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ 2010 ਤੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ ਅਤੇ ਇਸੇ ਕੈਲੰਡਰ ਅਨੁਸਾਰ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ ਜਦਕਿ ਪਾਕਿਸਤਾਨ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਹਿਬਾਨ ਨਾਲ ਸਬੰਧਤ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਂਦੇ ਹਨ।