ਹੋਟਲ-ਰੈਸਟੋਰੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਧੀਆਂ ਵਿਚ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ।

Restaurant

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਧੀਆਂ ਵਿਚ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਅੱਜ ਸੂਬਾ ਸਰਕਾਰ ਵੱਲੋਂ ਲੌਕਡਾਊਨ-5/ ਅਨਲੌਕ-1 ਦੌਰਾਨ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਸਰਕਾਰ ਵੱਲੋਂ ਹੋਟਲ, ਰੈਸਟੋਰੈਂਟ ਵਿਚ ਖਾਣਾ ਖਾਣ ਦੀ ਇਜਾਜ਼ਤ ਦਿੱਤੀ ਗਈ ਹੈ।  ਹਾਲਾਂਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਿਰਫ ਸਮਰੱਥਾ ਤੋਂ 50 ਫੀਸਦੀ ਲੋਕ ਹੀ ਹੋਟਲ ਜਾਂ ਰੈਸਟੋਰੈਂਟ ਵਿਚ ਖਾਣਾ ਖਾ ਸਕਣਗੇ।  

ਮਿਲੀ ਜਾਣਕਾਰੀ ਅਨੁਸਾਰ ਰੈਸਟੋਰੈਂਟਾਂ ਵਿਚ ਸ਼ਰਾਬ ਸਰਵ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੈਸਟੋਰੈਂਟ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਵਿਆਹ ਅਤੇ ਹੋਰ ਸਮਾਗਮਾਂ ਵਿਚ 50 ਵਿਅਕਤੀਆਂ ਦਾ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ ਇਸ ਦੌਰਾਨ ਬਾਰ ਬੰਦ ਰਹਿਣਗੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਾਰੀ ਸਰਕਾਰੀ ਨਿਯਮਾਂ ਅਨੁਸਾਰ ਹੋਟਲ ਜਾਂ ਰੈਸਟੋਰੈਂਟ ਵਿਚ ਬੈਠ ਕੇ ਖਾਣਾ ਖਾਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ ਹੋਮ ਡਿਲੀਵਰੀ ਅਤੇ ਟੇਕ ਆਫ ਦੀ ਸਹੂਲਤ ਦਿੱਤੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਗਿਆ ਸੀ। ਇਸ ਦੌਰਾਨ ਸਮਾਜਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨ ਲਈ ਸਰਕਾਰ ਵੱਲੋਂ ਇਕੱਠ ਵਾਲੀਆਂ ਥਾਵਾਂ ‘ਤੇ ਪਾਬੰਧੀ ਲਗਾਈ ਗਈ ਸੀ।