Punjab News: ''ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਮਾਰਚ 2025 ਤੋਂ ਹੁਣ ਤੱਕ 821 ਮੁਕੱਦਮੇ ਦਰਜ ਕਰਕੇ 1276 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

Two illegal buildings built by drug smugglers in Dhobiana Basti were demolished

ਬਠਿੰਡਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਇਥੇ ਸਥਿਤ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 2 ਨਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ।

ਇਸ ਮੌਕੇ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨੀਤੂ ਪਤਨੀ ਬਲਵੀਰ ਸਿੰਘ ਵਾਸੀ ਕਰਨ ਕਬਾੜੀਏ ਵਾਲੀ ਗਲੀ ਧੋਬੀਆਣਾ ਬਸਤੀ ਬਠਿੰਡਾ ਅਤੇ ਰਮੇਸ਼ ਸਾਹਨੀ ਉਰਫ ਰੈਂਬੋ ਪੁੱਤਰ ਮਜਨੂੰ ਸਾਹਨੀ ਵਾਸੀ ਗਲੀ ਨੰਬਰ 01 ਬਲਾਕ ਨੰਬਰ 43 ਬੇਅੰਤ ਸਿੰਘ ਨਗਰ ਬਠਿੰਡਾ ਵਲੋਂ ਇਹ ਇਮਾਰਤਾਂ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ-ਕਮ-ਮੈਜਿਸਟ੍ਰੇਟ ਵਲੋਂ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਇਮਾਰਤਾਂ ਨੂੰ ਢਾਹਿਆ ਗਿਆ। ਉਨ੍ਹਾਂ ਇਹ ਵੀ ਦੱਸਿਆਂ ਕਿ ਇਨ੍ਹਾਂ ਵਿਰੁੱਧ ਨਸ਼ਾ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ ਵੱਖ-ਵੱਖ ਤਰ੍ਹਾਂ ਦੇ 16 ਮੁੱਕਦਮੇ ਦਰਜ ਹਨ। ਉਨ੍ਹਾਂ ਦੱਸਿਆ ਉਕਤ ਵਲੋਂ ਉਸਾਰੀਆਂ ਗਈਆਂ ਇਮਾਰਤਾਂ ਦੇ ਮੱਦੇਨਜ਼ਰ ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇਥੇ ਬੁਲਡੋਜ਼ਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ 1 ਮਾਰਚ 2025 ਤੋਂ ਹੁਣ ਤੱਕ 821 ਮੁਕੱਦਮੇ ਦਰਜ ਕਰਕੇ 1276 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 37 ਵੱਡੇ ਨਸ਼ਾ ਤਸਕਰ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 10 ਕਰੋੜ 5 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਗਈ ਹੈ।

ਇਸ ਦੌਰਾਨ ਪੁਲਿਸ ਨੇ ਆਮ ਲੋਕਾਂ ਨੂੰ ਪਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਨੂੰ ਤੁਹਾਡੇ ਸਭ ਦੇ ਸਹਿਯੋਗ ਦੀ ਪੂਰਨ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਏਰੀਏ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ‘ਤੇ ਜਾਣਕਾਰੀ ਦਿੱਤੀ ਜਾ ਸਕਦੇ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੇ ਪਹਿਚਾਣ ਗੁਪਤ ਰੱਖੀ ਜਾਵੇਗੀ।

(For more news apart from “Two illegal buildings demolished in Dhobiana Basti, ” stay tuned to Rozana Spokesman.)