Vigilance corruption action: ਵਿਜੀਲੈਂਸ ਨੇ ਏ.ਐਸ.ਆਈ. ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ ਮੰਗੇ ਸੀ ਰੁਪਏ

Vigilance corruption action: Vigilance caught ASI taking bribe of Rs. 12 thousand

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਉਕਤ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ 20000 ਰੁਪਏ ਹੋਰ ਮੰਗੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।