ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਮਾਸਕ ਪਾਉਣਾ ਹੋਇਆ ਲਾਜ਼ਮੀ
ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ
ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇ ਨਾਲ-ਨਾਲ ਸਾਰੇ ਹੀ ਸੇਵਾਦਾਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਥੇ ਪਹਿਲਾਂ ਸੰਗਤਾਂ ਦੀ ਥਰਮਲ ਸਕਰੀਨਿੰਗ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਸੀ ਅਤੇ ਸਰੀਰ ਸੈਨੇਟਾਇਜ਼ਰ ਟਨਲ ਵਿਚੋਂ ਸੈਨੇਟਾਇਜ਼ ਕਰ ਕੇ ਭੇਜਿਆ ਜਾਂਦਾ ਸੀ।
ਉਥੇ ਹੀ, ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤ ਨੂੰ ਅਤੇ ਸਾਰੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਮਾਸਕ ਪਾਉਣਾ ਜ਼ਰੂਰੀ ਕਰ ਦਿਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹੀ ਇੱਥੇ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ ਕਰਨ ਤੇ ਹਰੇਕ ਸ਼ਰਧਾਲੂ ਦੇ ਪਰਿਕਰਮਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।