ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ 'ਤੇ ਈਸਾਈ ਭਾਈਚਾਰੇ ਨੇ ਪ੍ਰਗਟਾਇਆ ਰੋਸ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਨੇ ਕੇਂਦਰੀ ਮੰਤਰੀ ਨੂੰ ਮੁਆਫ਼ੀ ਮੰਗਣ ਦੀ ਕੀਤੀ ਅਪੀਲ
ਚੰਡੀਗੜ੍ਹ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨੀਂ ਧਰਮ ਪਰਿਵਰਤਨ ਕਰਕੇ ਈਸਾਈ ਧਰਮ ’ਚ ਗਏ ਸਿੱਖਾਂ ਨੂੰ ਮੁੜ ਤੋਂ ਸਿੱਖੀ ਸਰੂਪ ’ਚ ਲਿਆਉਣ ਸਬੰਧੀ ਬਿਆਨ ਦਿੱਤਾ ਗਿਆ ਸੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਇਸ ਬਿਆਨ ਤੋਂ ਬਾਅਦ ਈਸਾਈ ਭਾਈਚਾਰੇ ’ਚ ਰੋਸ ਪਾਇਆ ਜਾ ਰਿਹਾ ਹੈ। ਈਸਾਈ ਭਾਈਚਾਰੇ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਅਜਿਹੇ ਅਣਅਧਿਕਾਰਤ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਈਸਾਈ ਭਾਈਚਾਰੇ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਜਨਤਕ ਤੌਰ ’ਤੇ ਈਸਾਈ ਭਾਈਚਾਰੇ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਕੋਲ ਵੀ ਰਵਨੀਤ ਬਿੱਟੂ ਖ਼ਿਲਾਫ਼ ਲਗਾਤਾਰ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਜਿਸ ਦੇ ਚਲਦਿਆਂ ਜਤਿੰਦਰ ਮਸੀਹ ਵੱਲੋਂ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਨੂੰ ਇਕ ਪੱਤਰ ਲਿਖਿਆ ਗਿਆ ਅਤੇ ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਜਿਹੇ ਬਿਆਨ ਦੇਣ ਤੋਂ ਰੋਕਿਆ ਜਾਵੇ।