ਕਿਸਾਨਾਂ ਦਾ ਹੱਕ ਲੈਣ ਲਈ ਮੈਦਾਨ ‘ਚ ਉਤਰੇ ਸਿੱਧੂ, ਟਰਾਲੀਆਂ ਭਰ ਕੇ ਪਹੁੰਚੇ ਸਮਰਥਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਵੱਲੋਂਖੇਤੀ ਬਿਲਾਂ ਦੇ ਵਿਰੋਧ ‘ਚ ਅੰਮ੍ਰਿਤਸਰ ਵਿਚ ਕੀਤਾ ਜਾ ਰਿਹਾ ਭਾਰੀ ਪ੍ਰਦਰਸ਼ਨ

Navjot sidhu protest against farm bills in Amritsar

ਅੰਮ੍ਰਿਤਸਰ: ਪੰਜਾਬ ਵਿਚ ਵੱਡੇ ਪੱਧਰ ‘ਤੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਹਨ। ਖੇਤੀ ਬਿਲਾਂ ਦੇ ਵਿਰੋਧ ਵਿਚ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਵੱਡੀ ਗਿਣਤੀ ਵਿਚ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਸ਼ਾਮਲ ਹੋਏ। ਨਵਜੋਤ ਸਿੱਧੂ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕ ਟਰਾਲੀਆਂ ਭਰ-ਭਰ ਕੇ ਪ੍ਰਦਰਸ਼ਨ ਵਿਚ ਪਹੁੰਚੇ। ਪ੍ਰਦਰਸ਼ਨਕਾਰੀ ਜੰਮ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਖੇਤੀ ਬਿਲਾਂ ਦੇ ਵਿਰੋਧ ਵਿਚ ਲੋਕ ਕਾਲੀਆਂ ਝੰਡੀਆਂ ਲੈ ਕੇ ਸੜਕਾਂ ‘ਤੇ ਉਤਰੇ ਹਨ।

ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਬਿਲਾਂ ਦੇ ਵਿਰੋਧ ਵਿਚ ਹਨ ਤੇ ਉਹ ਉਦੋਂ ਤੱਕ ਧਰਨੇ ਪ੍ਰਦਰਸ਼ਨ ਕਰਨਗੇ ਜਦੋਂ ਤੱਕ ਇਹ ਬਿਲ ਰੱਦ ਨਹੀਂ ਹੁੰਦੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਪੂਰੇ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਖੇਤੀ ਬਿਲਾਂ ਖਿਲਾਫ ਪੂਰੇ ਪੰਜਾਬ ਦੇ ਕਿਸਾਨਾਂ ਵਿਚ ਰੋਹ ਦੇਖਿਆ ਜਾ ਰਿਹਾ ਹੈ।

ਇਸ ਰੋਹ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ 25 ਸਤੰਬਰ ਨੂੰ ਵੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਇਹਨਾਂ ਬਿਲਾਂ ਨੂੰ ਰੱਦ ਕਰਨ ਲਈ ਮਜਬੂਰ ਹੋਵੇ। ਇਸ ਦੇ ਚਲਦਿਆਂ ਬੀਤੇ ਦਿਨ ਪਿੰਡ ਬਾਦਲ ਤੋਂ ਧਰਨਾ ਦੇ ਕੇ ਵਾਪਸ ਆ ਰਹੇ ਕਿਸਾਨਾਂ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਹਾਦਸੇ ਵਿਚ ਇਕ ਦੀ ਮੌਤ ਹੋਣ ਦੀ ਖ਼ਬਰ ਆਈ ਹੈ। ਇਸ ਤੋਂ ਇਲਾਵਾ 11 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਪਿੰਡ ਬਾਦਲ ਵਿਖੇ ਧਰਨੇ ‘ਤੇ ਬੈਠੇ ਇਕ ਕਿਸਾਨ ਨੇ ਸਲਫਾਸ ਖਾ ਲਈ ਸੀ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਕਿਸਾਨ ਦੀ ਮੌਤ ਹੋ ਗਈ।