ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਸੁਖਪਾਲ ਸਿੰਘ ਖਹਿਰਾ,ਕੈਪਟਨ ਤੋਂ ਕਰ ਦਿੱਤੀ ਵੱਡੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਹਿਰਾ ਨੇ ਕਿਹਾ ਕਿ ਸੋਧ ਬਿੱਲ ਨਾਲ ਖੇਤੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ

Sukhpal Singh Khaira

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਅੱਜ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਦੇ ਹੱਕਾਂ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ। ਜਿਥੇ ਉਹਨਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। '

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਸੋਧ ਬਿੱਲ ਨਾਲ ਖੇਤੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਕਰਨਾਟਕ ਸਰਕਾਰ ਨੇ ਪਾਣੀ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਇਨਕਾਰ ਕਰ ਦਿੱਤਾ ਸੀ।

ਇਸੇ ਤਰ੍ਹਾਂ, ਕੈਪਟਨ ਅਮਰਿੰਦਰ ਸਿੰਘ ਵੀ ਵਿਧਾਨ ਸਭਾ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਇਸ ਬਿੱਲ ਦੇ ਖ਼ਿਲਾਫ਼ ਬਿੱਲ ਲਿਆਉਣ ਅਤੇ  ਅਤੇ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਇਸ ਬਿੱਲ ਨੂੰ ਰੱਦ ਕਰ ਦੇਣ।

ਇਸ ਤੋਂ ਇਲਾਵਾ ਉਨ੍ਹਾਂ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਸਮੇਂ ਸਾਰੇ ਰਾਜਨੀਤਿਕ ਨੇਤਾਵਾਂ ਨੂੰ ਇਕਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।