ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਦਫ਼ਤਰਾਂ ਤੇ ਵਿਭਾਗਾਂ ਦਾ ਕੀਤਾ ਜਾਵੇ ਬਾਈਕਾਟ- ਸਿਮਰਜੀਤ ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੈਂਸ ਨੇ ਅਕਾਲੀਆਂ ਅਤੇ ਆਪ ਆਗੂਆਂ ਦੇ ਖੋਲ੍ਹੇ ਭੇਦ

Simarjeet Singh Bains

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਿਆਸੀ ਪਾਰਟੀਆਂ ਖੇਤੀ ਕਾਨੂੰਨਾਂ ਰਾਹੀਂ 2022 ਦੀ ਵਿਧਾਨ ਸਭਾ ਚੋਣਾਂ ਜਿੱਤਣ ਦੀ ਤਾਕ ਵਿਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਉਹਨਾਂ ਨੇ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੌਰਾਨ ਸਪੀਕਰ ਕੋਲ ਮੰਗ ਰੱਖੀ ਸੀ ਕਿ ਸੈਸ਼ਨ ਦੀ ਕਾਰਵਾਈ ਦੀ ਵੀਡੀਓ ਜਨਤਕ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸੂਬੇ ਦੇ ਸਾਰੇ ਵਿਧਾਇਕਾਂ ਦਾ ਖੇਤੀ ਕਾਨੂੰਨਾਂ ਬਾਰੇ ਕੀ ਰੁਖ ਹੈ।

ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ 2022 ਦੀਆਂ ਚੋਣਾਂ ਵਿਚ ਅਪਣੀ ਹੋਂਦ ਬਚਾਉਣ ਲਈ ਰਾਹ ਲੱਭ ਰਹੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ, ਅਕਾਲੀ ਤੇ 'ਆਪ' ਵਾਲੇ ਆਪਸ ਵਿਚ ਰਲੇ ਹੋਏ ਹਨ। ਉਹਨਾਂ ਦੱਸਿਆ ਕਿ ਇਜਲਾਸ ਦੀ ਕਾਰਵਾਈ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਤਰੀਫ਼ਾਂ ਦੇ ਪੁਲ ਬੰਨੇ ਗਏ।

ਉਹਨਾਂ ਕਿਹਾ ਕਿ ਇੰਝ ਪ੍ਰਤੀਤ ਹੋ ਰਿਹਾ ਸੀ ਕਿ ਸਦਨ ਵਿਚ ਵਿਰੋਧੀ ਧਿਰਾਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਰੰਗ ਵਿਚ ਰੰਗੀਆਂ ਹੋਈਆਂ ਹਨ। ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਵਿਚ ਉਹਨਾਂ ਨੇ ਲੋਕ ਇਨਸਾਫ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਿੱਲਾਂ ਦਾ ਅਤੇ ਪ੍ਰਸਤਾਵ ਦਾ ਸਮਰਥਨ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਨੇ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਉਸ ਫੈਸਲੇ ਦਾ ਵਿਰੋਧ ਕੀਤਾ, ਜਿਸ ਵਿਚ ਉਹਨਾਂ ਨੇ ਕਿਸਾਨਾਂ ਨੂੰ ਰੇਲ ਪਟੜੀਆਂ ਤੋਂ ਅੰਦੋਲਨ ਖਤਮ ਕਰਨ ਲਈ ਕਿਹਾ।

ਉਹਨਾਂ ਕਿਹਾ ਕਿ ਉਹਨਾਂ ਨੇ ਵਿਧਾਨ ਸਭਾ ਦੇ ਅੰਦਰੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਕੇਂਦਰ ਨਾਲ ਨਾਮਿਲਣ ਵਰਤਣ ਦੀ ਲਹਿਰ ਸ਼ੁਰੂ ਕਰਨ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਸਾਰੇ ਕੇਂਦਰੀ ਵਿਭਾਗਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਨੂੰ ਪਤਾ ਲੱਗ ਸਕੇ ਕਿ ਪੰਜਾਬੀ ਇਕੱਠੇ ਹਨ। 

ਉਹਨਾਂ ਕਿਹਾ ਕਿ ਦੇਸ਼ ਵਿਚ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਅਤੇ ਸੂਬਿਆਂ ਵਿਚਕਾਰ ਸੰਘੀ ਢਾਂਚਾ ਮਜ਼ਬੂਤ ਕਰ ਸਕਦੇ ਹਨ। ਉਹਨਾਂ ਨੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਕੀ ਉਹ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਅਪਣਾ ਨਾਅਰਾ ਛੱਡ ਚੁੱਕੇ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਗੁਰਦੁਆਰਾ ਕਮਿਸ਼ਨ ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਆਰਐਸਐਸ ਦੇ ਦਫ਼ਤਰ ਵਿਖੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਹੋਈ ਸੀ।