ਨਾਮਜ਼ਦਗੀ ਪੱਤਰਾਂ ਦੀ ਪੜਤਾਲ ਬਾਅਦ ਤਰਨਤਾਰਨ ਜ਼ਿਮਨੀ ਚੋਣ ਲਈ 6 ਉਮੀਦਵਾਰਾਂ ਦੇ ਕਾਗ਼ਜ਼ ਹੋਏ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਕਵਰਿੰਗ ਤੇ 2 ਆਜ਼ਾਦ ਉਮੀਦਵਾਰਾਂ ਦੇ ਕਾਗ਼ਜ਼ ਕੀਤੇ ਰੱਦ

After scrutiny of nomination papers, papers of 6 candidates for Tarn Taran by-election were rejected.

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 21-ਤਰਨਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਕਾਗ਼ਜ਼ਾਂ ਦੀ ਪੜਤਾਲ ਤੋਂ ਬਾਅਦ ਛੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿਤੇ ਗਏ ਹਨ। ਉਨ੍ਹਾਂ ਦਸਿਆ ਕਿ 4 ਕਵਰਿੰਗ ਉਮੀਦਵਾਰਾਂ ਅਤੇ 2 ਆਜ਼ਾਦ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼੍ਰੋਮਣੀ ਅਕਾਲੀ ਦਲ ਤੋਂ ਕਵਰਿੰਗ ਉਮੀਦਵਾਰ ਕੰਚਨਪ੍ਰੀਤ ਕੌਰ, ਭਾਰਤੀ ਜਨਤਾ ਪਾਰਟੀ ਤੋਂ ਕਵਰਿੰਗ ਉਮੀਦਵਾਰ ਸੁੱਚਾ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਕਵਰਿੰਗ ਉਮੀਦਵਾਰ ਰਾਜੇਸ਼ ਵਾਲੀਆ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿਤੇ ਗਏ ਹਨ।  ਇਸ ਤੋਂ ਇਲਾਵਾ 2 ਆਜ਼ਾਦ ਉਮੀਦਵਾਰ ਲੱਖਾ ਸਿੰਘ ਅਤੇ ਸੰਜੀਵ ਸਿੰਘ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਹੀ ਨਹੀਂ ਪਾਏ ਗਏ ਹਨ। ਉਨ੍ਹਾਂ ਅੱਗੇ ਦਸਿਆ ਕਿ 24 ਅਕਤੂਬਰ ਤਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਤੋਂ ਬਾਅਦ ਸਪੱਸ਼ਟ ਹੋ ਜਾਵੇਗਾ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਕੁਲ ਕਿੰਨੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਕੁਲ 25 ਨਾਮਜ਼ਦਗੀ ਪੇਪਰ ਦਾਖ਼ਲ ਹੋਏ ਸਨ।