ਐੱਸ.ਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਚਾ ਰਹੀ ਹੈ ਕੈਪਟਨ ਸਰਕਾਰ- ਸਰਬਜੀਤ ਮਾਣੂੰਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

- ਘੁਟਾਲੇ ਮਾਮਲੇ ਵਿੱਚ ਨਾਮਜ਼ਦ ਅਫ਼ਸਰ ਨੂੰ ਵਾਧੂ ਚਾਰਜ ਦੇਣਾ ਦਲਿਤ ਵਿਦਿਆਰਥੀਆਂ ਨਾਲ ਬੇਇਨਸਾਫੀ - ਪ੍ਰਿੰਸੀਪਲ ਬੁੱਧ ਰਾਮ

Bibi Sarabjit Kaur Manunke

ਚੰਡੀਗੜ੍ਹ -  ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਨ ਵਾਲੇ ਅਫ਼ਸਰਾਂ, ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਸਨਮਾਨ ਨਾਲ ਨਿਵਾਜਿਆ ਜਾ ਰਿਹਾ ਹੈ ਅਤੇ ਵਾਧੂ ਚਾਰਜ ਦੇ ਕੇ ਹੋਰਨਾਂ ਸੀਟਾਂ ਉੱਤੇ ਵੀ ਘਪਲੇ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੈਪਟਨ ਸਰਕਾਰ ਵੱਲੋਂ ਸਕਾਲਰਸ਼ਿਪ ਘੁਟਾਲੇ ਵਿਚ ਸ਼ਾਮਲ ਅਧਿਕਾਰੀਆਂ ਨੂੰ ਹੋਰ ਵਾਧੂ ਚਾਰਜ ਦਿੱਤੇ ਜਾਣ ਉੱਤੇ ਟਿੱਪਣੀ ਕਰਦਿਆਂ ਕੀਤਾ।

'ਆਪ' ਦੇ ਵਿਧਾਇਕਾਂ ਨੇ ਆਖਿਆ ਕਿ ਕੈਪਟਨ ਸਰਕਾਰ ਆਰਥਿਕ ਤੰਗੀਆਂ ਦਾ ਸਾਹਮਣਾ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੜਾਈ ਕਰ ਰਹੇ ਦਲਿਤ ਵਿਦਿਆਰਥੀਆਂ ਦੇ ਹੱਕ ਹੀ ਖਾਣ ਲੱਗ ਗਈ ਹੈ। ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਬੰਧਾਂ ਦੇ ਵਾਅਦਿਆਂ ਉੱਤੇ ਡਰਾਮੇਬਾਜ਼ੀ ਕਰਨ ਵਾਲੀ ਕੈਪਟਨ ਸਰਕਾਰ ਹੁਣ ਭ੍ਰਿਸ਼ਟ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ।

 ਉਨ੍ਹਾਂ ਕਿਹਾ ਕਿ ਇਹ ਵੀ ਕਿੰਨੀ ਬੇਸ਼ਰਮੀ ਦੀ ਗੱਲ ਹੈ ਕਿ ਲੋਕਾਂ ਦੀਆਂ ਅੱਖਾਂ ਵਿਚ ਘਟਾ ਪਾਉਣ ਲਈ ਸਹੀ ਜਾਂਚ ਨਾ ਕਰਵਾਕੇ ਸਭ ਨੂੰ ਕਲੀਨ ਚਿੱਟ ਦੇ ਦਿੱਤੀ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਕਿਸੇ ਵੀ ਵਰਗ ਦੇ ਹਿੱਤ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ ਗ਼ਰੀਬ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਸੀ, ਉਲਟਾ ਉੱਥੇ ਉਨ੍ਹਾਂ ਦੇ ਵਜ਼ੀਫ਼ਿਆਂ ਦਾ ਪੈਸਾ ਖਾ ਕੇ ਹੀ ਆਪਣੀ ਜੇਬ ਹੋਰ ਭਰ ਲਈ ਹੈ। ਆਗੂਆਂ ਨੇ ਕਿਹਾ ਕਿ ਇਹ ਕੈਪਟਨ ਸਰਕਾਰ ਦਾ ਅਸਲੀ ਚਿਹਰਾ ਹੈ।

ਜਿਨ੍ਹਾਂ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਹੁਣ ਉਨ੍ਹਾਂ ਨੂੰ ਵਾਧੂ ਚਾਰਜ ਦੇ ਕੇ ਨਿਵਾਜਿਆ ਜਾ ਰਿਹਾ ਹੈ, ਇਹ ਕੈਪਟਨ ਸਰਕਾਰ ਦਾ ਦਲਿਤ ਹੱਕਾਂ ਨੂੰ ਸੁਰੱਖਿਅਤ ਕਰਨ ਦੇ ਝੂਠ ਦਾ ਪਰਦਾਫਾਸ਼ ਕਰਦਾ ਹੈ। 'ਆਪ' ਦੇ ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾਂ ਦੀ ਲੜਾਈ ਕਰਦੀ ਆ ਰਹੀ ਹੈ, ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਜਾਂ ਮੰਤਰੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਹਰ ਪੱਧਰ ਉੱਤੇ ਲੈ ਕੇ ਜਾਣਗੇ। ਭ੍ਰਿਸ਼ਟਾਚਾਰੀਆਂ ਵਿਰੁੱਧ 'ਆਪ' ਪਹਿਲਾਂ ਵੀ ਲੜਦੀ ਆ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।