Punjab Election Result: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ
Punjab Election Result: 8.30 ਵਜੇ ਰੁਝਾਨ ਅਤੇ 9.30 ਵਜੇ ਆ ਸਕਦੈ ਪਹਿਲਾ ਨਤੀਜਾ
Punjab Election Result: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 20 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਰੁਝਾਨ 8.30 ਵਜੇ ਅਤੇ ਪਹਿਲਾ ਨਤੀਜਾ 9.30 ਵਜੇ ਆ ਸਕਦਾ ਹੈ। ਸਖ਼ਤ ਸੁਰੱਖਿਆ ਤਹਿਤ ਗਿਣਤੀ ਕੇਂਦਰਾਂ ਵਿਚ ਪੈਰਾ ਮਿਲਟਰੀ ਫ਼ੋਰਸ ਅਤੇ ਕੇਂਦਰਾਂ ਦੇ ਆਲੇ-ਦੁਆਲੇ ਸੂਬਾ ਪੁਲਿਸ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਗਿੱਦੜਬਾਹਾ ਹਲਕੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (ਕਾਂਗਰਸ), ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ (ਭਾਜਪਾ) ਅਤੇ ਸਾਬਕਾ ਅਕਾਲੀ ਡਿੰਪੀ ਢਿੱਲੋਂ (ਆਪ) ਵਿਚਕਾਰ ਦਿਲਚਸਪ ਮੁਕਾਬਲਾ ਹੈ। ਬਰਨਾਲਾ ਵਿਚ ‘ਆਪ’ ਦੇ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਕਾਲਾ ਢਿਲੋਂ ਅਤੇ ਭਾਜਪਾ ਦੇ ਕੇਵਲ ਢਿੱਲੋਂ ਦਰਮਿਆਨ ਵੀ ਤਕੜੀ ਟੱਕਰ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਚ ਕਾਂਗਰਸ ਆਗੂ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ (ਕਾਂਗਰਸ), ਗੁਰਦੀਪ ਸਿੰਘ ਰੰਧਾਵਾ (ਆਪ) ਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ) ਵਿਚਕਾਰ ਮੁਕਾਬਲਾ ਹੈ। ਚੱਬੇਵਾਲ ਵਿਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਬੇਟੇ ਇਸ਼ਾਂਕ (ਆਪ), ਰਣਜੀਤ ਕੁਮਾਰ (ਕਾਂਗਰਸ) ਅਤੇ ਸੋਹਣ ਸਿੰਘ ਠੰਡਲ (ਭਾਜਪਾ) ਦਰਮਿਆਨ ਤਿਕੋਣਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ ਫ਼ਾਈਨਲ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿਚ ਇਸ ਵਾਰ ਕੁਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਇਕ ਕੇਂਦਰ ਸਥਾਪਤ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿਚ ਹੋਵੇਗੀ।
ਉਨ੍ਹਾਂ ਅੱਗੇ ਦਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿਚ ਕੁਲ 6 ਉਮੀਦਵਾਰਾਂ ਵਲੋਂ ਚੋਣ ਲੜੀ ਗਈ ਅਤੇ ਇਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿਚ ਕੀਤੀ ਜਾਵੇਗੀ। ਚੱਬੇਵਾਲ ਸੀਟ ’ਤੇ ਕੁਲ 53.43 ਫ਼ੀ ਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿਚ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਕੁਲ 81.90 ਫ਼ੀ ਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿਚ ਕੀਤੀ ਜਾਵੇਗੀ। ਸਿਬਿਨ ਸੀ ਨੇ ਦਸਿਆ ਕਿ 103-ਬਰਨਾਲਾ ਹਲਕੇ ਵਿਚ 14 ਉਮੀਦਵਾਰਾਂ ਵਿਚ ਮੁਕਾਬਲਾ ਰਿਹਾ। ਇਸ ਹਲਕੇ ਵਿਚ 56.34 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿਚ ਕੀਤੀ ਜਾਵੇਗੀ।